Home ਪੰਜਾਬ ਪਟਿਆਲਾ ਦੇ 393 ਪਰਿਵਾਰ ਬਣੇ ਘਰਾਂ ਦੇ ਕਾਨੂੰਨੀ ਮਾਲਕ, ਡਾ. ਬਲਬੀਰ ਸਿੰਘ...

ਪਟਿਆਲਾ ਦੇ 393 ਪਰਿਵਾਰ ਬਣੇ ਘਰਾਂ ਦੇ ਕਾਨੂੰਨੀ ਮਾਲਕ, ਡਾ. ਬਲਬੀਰ ਸਿੰਘ ਨੇ ਸੌਂਪੇ ਮਲਕੀਅਤ ਪੱਤਰ

0

ਪਟਿਆਲਾ: ਪਟਿਆਲਾ ਦੇ ਪਿੰਡ ਰੋੜਗੜ੍ਹ ਵਿੱਚ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ 393 ਪਰਿਵਾਰਾਂ ਨੂੰ ਮਲਕੀਅਤ ਦੇ ਅਧਿਕਾਰ ਸੌਂਪੇ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਮਾਲਕਾਨਾ ਹੱਕਾਂ ਦੇ ਦਸਤਾਵੇਜ਼ ਵੀ ਵੰਡੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਯੋਜਨਾ ਪੰਜਾਬ ਸਰਕਾਰ ਦੀ ਇਤਿਹਾਸਕ ਅਤੇ ਲੋਕ-ਕੇਂਦਰਿਤ ਪਹਿਲ ਹੈ। ਇਸ ਯੋਜਨਾ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਕਾਨੂੰਨੀ ਮਾਲਕਾਨਾ ਹੱਕ ਦੇਣਾ ਹੈ ਜੋ ਕਈ ਪੀੜੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਕਾਨੂੰਨੀ ਦਸਤਾਵੇਜ਼ਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨੂੰ ਉਹਨਾਂ ਦੇ ਹੱਕ ਦੇਣ ਲਈ ਵਚਨਬੱਧ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਗਈ ਹੈ। ਘਰਾਂ ਦਾ ਸਰਵੇ, ਰਿਕਾਰਡ ਦੀ ਜਾਂਚ ਅਤੇ ਵੇਰੀਫਿਕੇਸ਼ਨ ਤੋਂ ਬਾਅਦ ਹੀ ਯੋਗ ਪਰਿਵਾਰਾਂ ਨੂੰ ਮਲਕੀਅਤ ਦੇ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਕਾਨੂੰਨੀ ਤੌਰ ‘ਤੇ ਆਪਣੇ ਘਰਾਂ ਦੇ ਮਾਲਕ ਬਣ ਗਏ ਹਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਆਸਾਨੀ ਨਾਲ ਲੈ ਸਕਣਗੇ।

ਇਸ ਮੌਕੇ ਸਿਹਤ ਮੰਤਰੀ ਨੇ ਪਟਿਆਲਾ ਦੇ ਅਰਬਨ ਸਟੇਟ ਫੇਜ਼-1, 2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਦੀ ਆਵਾਜਾਈ ਸੁਗਮ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਲਈ 5 ਸਾਲ ਦੀ ਮੈਨਟੇਨੈਂਸ ਗਰੰਟੀ ਵੀ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ।

ਸਿਹਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵੱਡੀ ਨਦੀ ਦੀ ਸਫਾਈ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਹੜ੍ਹਾਂ ਵਰਗੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ।

NO COMMENTS

LEAVE A REPLY

Please enter your comment!
Please enter your name here

Exit mobile version