ਪੰਜਾਬ : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 4 ਦੋਸ਼ੀਆਂ ਨੂੰ ਗਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ‘ਚੋਂ 27 ਕਿੱਲੋ ਹੈਰੋਇਨ, ਇਕ ਆਧੁਨਿਕ ਵਿਦੇਸ਼ੀ .30 ਬੋਰ ਦਾ ਪੀ.ਐਕਸ 5 ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਦੁਬਈ ਦੇ ਇਕ ਆਪਰੇਟਰ ਅਤੇ ਸਰਹੱਦ ਪਾਰ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਉਸ ਦੇ ਇਸ਼ਾਰੇ ‘ਤੇ ਸਪਲਾਈ ਕਰ ਰਹੇ ਸਨ। ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਤਸਕਰੀ ਦੇ ਨੈਟਵਰਕ ਦੇ ਸਾਰੇ ਪਿਛਲੇ ਅਤੇ ਬਾਅਦ ਵਾਲੇ ਲਿੰਕਾਂ ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਲ ਸਾਰੇ ਲੋਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਸਰਹੱਦ ਪਾਰ ਦੀ ਤਸਕਰੀ ‘ਤੇ ਤਿੱਖੀ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਗਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਹਾਲ ਜਾਂਚ ਏਜੰਸੀ ਇਹ ਪਤਾ ਲਗਾਉਣ ‘ਚ ਲੱਗੀ ਹੋਈ ਹੈ ਕਿ ਹੈਰੋਇਨ ਦੀ ਇੰਨੀ ਵੱਡੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ।












