ਈਟਾਨਗਰ : ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਜ਼ਮੀਨ ਖਿਸਕਣ ਦੇ ਕਾਰਨ ਇੱਕ ਕੰਧ ਡਿੱਗ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਚੋਕੀ ਤਾਸਰ, ਰਤਨ ਬਰਮਨ, ਗੋਡਕ ਰਾਜਾ ਅਤੇ ਗੋਡਕ ਤਾਬਿਨ ਵਜੋਂ ਹੋਈ ਹੈ। ਇਹ ਘਟਨਾ ਨੀਤੀ ਬਿਹਾਰ ਖੇਤਰ ਵਿੱਚ ਵਾਪਰੀ, ਜਿੱਥੇ ਮਜ਼ਦੂਰਾਂ ਸਮੇਤ ਸੱਤ ਲੋਕ ਕੰਮ ਕਰ ਰਹੇ ਸਨ।
ਸੋਮਵਾਰ ਸ਼ਾਮ ਨੂੰ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਪਹੁੰਚੀਆਂ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਨੇ ਵੀ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਹਿੱਸਾ ਲਿਆ। ਈਟਾਨਗਰ ਕੈਪੀਟਲ ਦੇ ਪੁਲਿਸ ਸੁਪਰਡੈਂਟ ਜੁਮਰ ਬਸਰ ਨੇ ਕਿਹਾ ਕਿ ਬਚਾਅ ਟੀਮਾਂ ਨੇ ਘਟਨਾ ਸਥਾਨ ਦੇ ਨੇੜੇ ਚਾਰ ਲਾਸ਼ਾਂ ਬਰਾਮਦ ਕੀਤੀਆਂ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਬਚਾਅ ਕਾਰਜ ਵਿੱਚ ਰੁਕਾਵਟ ਆਈ। ਮਲਬੇ ਹੇਠ ਫਸੇ ਲੋਕਾਂ ਤੱਕ ਪਹੁੰਚਣਾ ਚੁਣੌਤੀਪੂਰਨ ਸੀ ਕਿਉਂਕਿ ਮਿੱਟੀ ਭਾਰੀ ਅਤੇ ਅਸਥਿਰ ਹੋ ਗਈ ਸੀ। ਇਸ ਦੇ ਬਾਵਜੂਦ, ਬਚਾਅ ਟੀਮਾਂ ਨੇ ਪੀੜਤਾਂ ਨੂੰ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿੱਟੀ ਢਹਿਣ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਅਧਿਕਾਰੀਆਂ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।











