Home ਪੰਜਾਬ ਨਾਜਾਇਜ਼ ਸ਼ਰਾਬ ਸਮੇਤ 4 ਤਸਕਰ ਗ੍ਰਿਫ਼ਤਾਰ

ਨਾਜਾਇਜ਼ ਸ਼ਰਾਬ ਸਮੇਤ 4 ਤਸਕਰ ਗ੍ਰਿਫ਼ਤਾਰ

0

ਫਿਲੌਰ : ਫਿਲੌਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਸ਼ਰਾਬ ਦੀਆਂ 44 ਬੋਤਲਾਂ ਅਤੇ 2 ਮਾਰੂਤੀ ਸਵਿਫਟ ਕਾਰਾਂ ਬਰਾਮਦ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਬ-ਡਿਵੀਜ਼ਨ ਫਿਲੌਰ ਭਾਰਤ ਮਸੀਹ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਸ਼ੇਸ਼ ਨਾਕਾਬੰਦੀ ਅਤੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਬ-ਡਿਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਏ.ਐੱਸ.ਆਈ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਸੋਨੂੰ ਵਾਸੀ ਨੂਰਪੁਰਾ, ਥਾਣਾ ਅਮਲੋਹ, ਹਾਲ ਵਾਸੀ ਮੋਹਨ ਵਿਹਾਰ, ਰਾਮਾ ਮੰਡੀ ਜਲੰਧਰ, ਗੁਰਤੇਜ ਸਿੰਘ ਜੱਜ ਵਾਸੀ ਮਾਲੇਵਾਲ, ਥਾਣਾ ਕੁਲਗੜ੍ਹੀ ਫਿਰੋਜ਼ਪੁਰ, ਹਾਲ ਵਾਸੀ ਮੋਹਨ ਵਿਹਾਰ, ਰਾਮਾ ਮੰਡੀ ਜਲੰਧਰ, ਦਲਜੀਤ ਸਿੰਘ ਉਰਫ਼ ਮੋਨੂੰ ਵਾਸੀ ਮਕਾਨ ਨੰਬਰ 237, ਰਿਸ਼ੀ ਨਗਰ, ਹੈਬੋਵਾਲ ਖੁਰਦ ਅਤੇ ਰਵਿੰਦਰ ਸ਼ਰਮਾ ਵਜੋਂ ਹੋਈ ਹੈ।

ਪੁਲਿਸ ਵੱਲੋਂ ਬਰਾਮਦ ਕੀਤੀਆਂ ਮਾਰੂਤੀ ਸਵਿਫਟ ਕਾਰਾਂ ਵਿੱਚੋਂ ਇੱਕ ਕਾਰ ਬਿਨਾਂ ਨੰਬਰ ਪਲੇਟ ਦੇ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਐਕਸਾਈਜ਼ ਐਕਟ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 3 ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੇ ਮਾਮਲੇ ਦਰਜ ਹਨ।

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਤੇ ਹੋਰ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀ.ਐੱਸ.ਪੀ. ਭਾਰਤ ਮਸੀਹ

ਡੀ.ਐੱਸ.ਪੀ. ਭਾਰਤ ਮਸੀਹ ਨੇ ਕਿਹਾ ਕਿ ਸਬ-ਡਿਵੀਜ਼ਨ ਵਿੱਚ ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਅਪਰਾਧਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version