ਜਲੰਧਰ : ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਜਲੰਧਰ ਬੱਸ ਸਟੈਂਡ ਵਿਖੇ ਹੋਈ। ਇਸ ਵਿੱਚ ਲਟਕਦੀਆਂ ਮੰਗਾਂ ਸਬੰਧੀ ਆਵਾਜ਼ ਉਠਾਉਂਦੇ ਹੋਏ ਸਰਕਾਰੀ ਬੱਸਾਂ ਦੇ ਟ੍ਰੈਫਿਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਲਟਕਦੀਆਂ ਮੰਗਾਂ ਦਾ ਤੁਰੰਤ ਪ੍ਰਭਾਵ ਨਾਲ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ‘ਚ ਸਰਕਾਰ ਨੂੰ ਰੋਸ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਵੇਗਾ, ਉਥੇ ਹੀ ਉਪ ਚੋਣਾਂ ‘ਚ ਸਰਕਾਰ ਖ਼ਿਲਾਫ਼ ਰੋਹ ਭਰਪੂਰ ਰੈਲੀਆਂ ਵੀ ਕੱਢੀਆਂ ਜਾਣਗੀਆਂ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ ਗਿਆ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਟਾਲ ਦਿੱਤਾ ਹੈ। ਇਸ ਕਾਰਨ ਉਨ੍ਹਾਂ ਨੂੰ ਆਵਾਜ਼ ਉਠਾਉਣੀ ਪਈ ਹੈ। ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਭਰੋਸਾ ਦਿੱਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਚੱਕਾ ਜਾਮ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਦੌਰਾਨ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ, ਜੋ ਅੱਜ ਤੱਕ ਪੂਰਾ ਨਹੀਂ ਹੋਇਆ।
ਉਨ੍ਹਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਉਨ੍ਹਾਂ ਨੂੰ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਇਸ ਸਬੰਧੀ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਪ੍ਰੋਗਰਾਮਾਂ ਦੌਰਾਨ ਕਾਲੇ ਝੰਡੇ ਦਿਖਾਏ ਜਾਣਗੇ। ਇਸ ਮੌਕੇ ਦਲਜੀਤ ਸਿੰਘ ਜੱਲੇਵਾਲ, ਹਰਕੇਸ਼ ਕੁਮਾਰ, ਚੰਨਣ ਸਿੰਘ ਚੰਨਾ, ਸਤਪਾਲ ਸਿੰਘ, ਗੁਰਪ੍ਰੀਤ ਖੁੱਲਰ, ਬਲਵਿੰਦਰ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਹਾਜ਼ਰ ਸਨ।