ਚੰਡੀਗੜ੍ਹ : ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪੰਜ ਸਾਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੇਅਰ ਦਾ ਇੱਕ ਸਾਲ ਦਾ ਕਾਰਜਕਾਲ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਾਫੀ ਨਹੀਂ ਹੈ। ਜੇਕਰ ਮੇਅਰ ਨੂੰ ਪੰਜ ਸਾਲ ਦਾ ਕਾਰਜਕਾਲ ਦਿੱਤਾ ਜਾਂਦਾ ਹੈ ਤਾਂ ਉਹ ਲੰਬੀ ਮਿਆਦ ਦੀਆਂ ਯੋਜਨਾਵਾਂ ‘ਤੇ ਕੰਮ ਕਰ ਸਕਣਗੇ, ਜਿਸ ਨਾਲ ਸ਼ਹਿਰ ਦੇ ਵਿਕਾਸ ‘ਚ ਤੇਜ਼ੀ ਆਵੇਗੀ।
ਆਲ ਇੰਡੀਆ ਰਾਜੀਵ ਮੈਮੋਰੀਅਲ ਸੁਸਾਇਟੀ ਵੱਲੋਂ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿੱਚ ਬੋਲਦਿਆਂ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੀ ਆਰਥਿਕ ਹਾਲਤ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਹਰ ਸਾਲ ਕੇਂਦਰ ਸਰਕਾਰ ਤੋਂ ਕਰੀਬ 1000 ਕਰੋੜ ਰੁਪਏ ਮਿਲਦੇ ਹਨ, ਜੋ ਮੁਹਾਲੀ ਅਤੇ ਪੰਚਕੂਲਾ ਦੇ ਫੰਡਾਂ ਨਾਲੋਂ ਕਰੀਬ ਪੰਜ ਗੁਣਾ ਵੱਧ ਹਨ। ਇਸ ਦੇ ਬਾਵਜੂਦ ਸ਼ਹਿਰ ਵਿੱਚ ਫੰਡਾਂ ਦੀ ਘਾਟ ਹੈ, ਜਿਸ ਦਾ ਮੁੱਖ ਕਾਰਨ ਅਫਸਰਸ਼ਾਹੀ ਵੱਲੋਂ ਫੰਡਾਂ ਦੀ ਸਹੀ ਵਰਤੋਂ ਨਾ ਕਰਨਾ ਹੈ।
ਉਨ੍ਹਾਂ ਅਫਸਰਸ਼ਾਹੀ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਫੰਡਾਂ ਦੀ ਦੁਰਵਰਤੋਂ ਕਾਰਨ ਸ਼ਹਿਰ ਦੀਆਂ ਕਈ ਸਮੱਸਿਆਵਾਂ ਬਰਕਰਾਰ ਹਨ। ਤਿਵਾੜੀ ਨੇ ਚੰਡੀਗੜ੍ਹ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਵੀ ਦਿੱਤਾ। ਪ੍ਰੋਗਰਾਮ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਅਤੇ ਆਲ ਇੰਡੀਆ ਰਾਜੀਵ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਰਾਜ ਨਾਗਪਾਲ ਨੇ ਵੀ ਸ਼ਹਿਰ ਦੇ ਵਿਕਾਸ ’ਤੇ ਜ਼ੋਰ ਦਿੱਤਾ।