ਚੰਡੀਗੜ੍ਹ: ਚੰਡੀਗੜ੍ਹ ‘ਚ ਪ੍ਰਦੂਸ਼ਣ ਦਾ ਪੱਧਰ ਪਿੱਛਲੇ ਕੁਝ ਦਿਨਾਂ ਤੋਂ ਲਗਾਤਾਰ ਵਧਦਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਬੇਹੱਦ ਗੰਭੀਰ ਹੋ ਗਿਆ ਹੈ। ਵੀਰਵਾਰ ਸਵੇਰੇ AQI 450 ਦੇ ਨੇੜੇ ਪਹੁੰਚ ਗਿਆ ਹੈ, ਜੋ ਸਿਹਤ ਲਈ ਬੇਹੱਦ ਹਾਨੀਕਾਰਕ ਮੰਨਿਆ ਜਾਂਦਾ ਹੈ।
ਪ੍ਰਦੂਸ਼ਣ ਦੇ ਇਸ ਖਤਰਨਾਕ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਕਟਾਰੀਆ ਨੂੰ ਇਸ ਸਥਿਤੀ ‘ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਦਾ ਇਹ ਪੱਧਰ ਖਾਸ ਕਰਕੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਲਈ ਬੇਹੱਦ ਨੁਕਸਾਨਦੇਹ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ, ਉਦੋਂ ਤੱਕ ਸਾਰੇ ਸਕੂਲਾਂ ਖਾਸ ਕਰਕੇ ਛੋਟੇ ਬੱਚਿਆਂ ਲਈ ਅਸਥਾਈ ਤੌਰ ‘ਤੇ ਬੰਦ ਕਰਨ ਲਈ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।