ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵ ਭਰ ਦੇ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੇ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਹਰ ਸਿੱਖ ਦੀ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ। ਇਸ ਦੌਰਾਨ ਪਾਰਟੀ ਆਗੂ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਰਟੀ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਉਤਾਵਲਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਮੁਹੱਈਆ ਕਰਵਾਏ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 2244 ਸ਼ਰਧਾਲੂਆਂ ਵਿੱਚੋਂ 1481 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਨਾਲ ਸਿੱਖ ਸ਼ਰਧਾਲੂਆਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।
ਜੱਸਲ ਨੇ ਦੱਸਿਆ ਕਿ ਸੰਗਤਾਂ ਦਾ ਇਹ ਜਥਾ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। 16 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਣਾ (ਸ਼ੇਖੂਪੁਰਾ) ਤੱਕ ਮੱਥਾ ਟੇਕਿਆ ਜਾਵੇਗਾ। ਇਸੇ ਤਰ੍ਹਾਂ ਸੰਗਤਾਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਅਤੇ 18 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੁੱਜਣਗੀਆਂ। 19 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰੁਕੇਗਾ ਅਤੇ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋਡੀ ਸਾਹਿਬ ਅਮਾਨਾਬਾਦ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿੱਥੋਂ 23 ਨਵੰਬਰ ਨੂੰ ਜਥਾ ਵਾਪਸ ਭਾਰਤ ਪਰਤੇਗਾ।