ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਜਲਦ ਹੀ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਪੁਲਿਸ ਵਿੱਚ ਹੁਣ ਤੱਕ 8705 ਨੌਜਵਾਨ ਭਰਤੀ ਕੀਤੇ ਜਾ ਚੁੱਕੇ ਹਨ। ਇਸ ਵੇਲੇ 1205 ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਬਾਕੀ ਰਹਿੰਦੇ ਨੌਜਵਾਨਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਦੇ ਢਾਈ ਸਾਲ ਪੂਰੇ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਢਾਈ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਪੁਲਿਸ ਨੂੰ ਪੂਰੇ ਦੇਸ਼ ਲਈ ਰੋਲ ਮਾਡਲ ਵਜੋਂ ਸਥਾਪਿਤ ਕੀਤਾ ਜਾਵੇਗਾ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਪੰਜਾਬ ਪੁਲਿਸ ਫੋਰਸ ਵਿੱਚ ਭਰਤੀ ਹੋਏ ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੇ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਸੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਰਾਸ਼ਟਰੀ ਪੱਧਰ ‘ਤੇ ਇਕ ਸਰਵੇਖਣ ਕੀਤਾ ਗਿਆ, ਜਿਸ ਵਿਚ ਦੇਸ਼ ਦੇ ਸਾਰੇ ਰਾਜਾਂ ਦੀ ਪੁਲਿਸ ਦੀ ਵਰਕਿੰਗ ਬਾਰੇ ਗੱਲ ਕੀਤੀ ਗਈ ਸੀ, ਜਿਸ ਵਿਚ ਪੰਜਾਬ ਪੂਰੇ ਦੇਸ਼ ਵਿਚ ਦੂਜੇ ਸਥਾਨ ‘ਤੇ ਸੀ, ਜਿੱਥੇ ਪੁਲਿਸ ਦਾ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਹਿਮ ਯੋਗਦਾਨ ਸੀ।