ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਅੱਜ ਤੋਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ, ਜਿਸ ਕਾਰਨ ਲੱਖਾਂ ਯਾਤਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ.ਆਰ.ਟੀ.ਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੀਆਂ ਕਰਮਚਾਰੀ ਯੂਨੀਅਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਅੱਜ ਲਗਭਗ 3,000 ਬੱਸਾਂ ਸੜਕਾਂ ‘ਤੇ ਨਹੀਂ ਉਤਰੀਆਂ।
ਹੜਤਾਲ ਦਾ ਇਹ ਫ਼ੈਸਲਾ ਸੂਬਾ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਗੱਲਬਾਤ ਬੇ-ਨਤੀਜਾ ਰਹਿਣ ਤੋਂ ਬਾਅਦ ਲਿਆ ਗਿਆ। ਵਿਵਾਦ ਦਾ ਮੁੱਖ ਕਾਰਨ ਸਰਕਾਰ ਵੱਲੋਂ ‘ਕਿਲੋਮੀਟਰ ਸਕੀਮ’ ਤਹਿਤ ਪ੍ਰਾਈਵੇਟ ਕੰਪਨੀਆਂ ਨੂੰ ਬੱਸ ਪਰਮਿਟ ਦੇਣ ਲਈ ਟੈਂਡਰ ਜਾਰੀ ਕਰਨਾ ਹੈ। ਯੂਨੀਅਨਾਂ ਇਸ ਸਕੀਮ ਦਾ ਸਖ਼ਤ ਵਿਰੋਧ ਕਰ ਰਹੀਆਂ ਹਨ।
ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਹੈ। ਯੂਨੀਅਨਾਂ ਨੇ ਸਪੱਸ਼ਟ ਕੀਤਾ ਹੈ ਕਿ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਨਿੱਜੀ ਕੰਪਨੀਆਂ ਨੂੰ ਪਰਮਿਟ ਦੇਣ ਦੀ ਪ੍ਰਕਿਰਿਆ ਨੂੰ ਰੱਦ ਨਹੀਂ ਕਰਦੀ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
ਗੱਲਬਾਤ ਰਾਹੀਂ ਹੱਲ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
ਯਾਤਰੀਆਂ ਨੂੰ ਹੋ ਰਹੀ ਭਾਰੀ ਅਸੁਵਿਧਾ ਦੇ ਮੱਦੇਨਜ਼ਰ, ਸਰਕਾਰ ਨੇ ਇੱਕ ਵਾਰ ਫਿਰ ਗੱਲਬਾਤ ਲਈ ਰਾਹ ਖੋਲ੍ਹ ਦਿੱਤਾ ਹੈ। ਅੱਜ ਯੂਨੀਅਨ ਆਗੂਆਂ ਨਾਲ ਇੱਕ ਹੋਰ ਮੀਟਿੰਗ ਬੁਲਾਈ ਗਈ ਹੈ, ਤਾਂ ਜੋ ਮਤਭੇਦਾਂ ਨੂੰ ਦੂਰ ਕੀਤਾ ਜਾ ਸਕੇ ਅਤੇ ਹੜਤਾਲ ਖਤਮ ਕੀਤੀ ਜਾ ਸਕੇ। ਹਾਲਾਂਕਿ, ਜਦੋਂ ਤੱਕ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਨਹੀਂ ਹੋ ਜਾਂਦਾ, ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਠੱਪ ਰਹਿਣਗੀਆਂ।











