ਪੰਜਾਬ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਹੋਰ ਚੀਜ਼ਾਂ ਦਾ ਪੂਰਾ ਮੁਆਵਜ਼ਾ ਦੇਵੇਗੀ। ਸੁਲਤਾਨਪੁਰ ਅਤੇ ਭੁਲੱਥ ਤਹਿਸੀਲਾਂ ਵਿੱਚ ਫਸਲਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧੇ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਡੈਮਾਂ ਅਤੇ ਦਰਿਆਵਾਂ ਦੀ ਸਥਿਤੀ ‘ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।
ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਸਿੱਧੇ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਨੇ ਪ੍ਰਭਾਵਿਤ ਪਿੰਡ ਸਾਂਗਰਾ ਵਿੱਚ ਕਿਸ਼ਤੀਆਂ ਰਾਹੀਂ ਜਾ ਕੇ ਸੁੱਕਾ ਰਾਸ਼ਨ ਵੀ ਵੰਡਿਆ।











