ਅਬੋਹਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਕਈ ਵਰਕਰਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਬੋਹਰ ਦੇ ਕਾਲਾ ਟਿੱਬਾ ਰੋਡ ‘ਤੇ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਧਿਆਨ ਦੇਣ ਯੋਗ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕੇਂਦਰ ਦੀਆਂ ਯੋਜਨਾਵਾਂ ਨੂੰ ਲੈ ਕੇ ਅਬੋਹਰ ਵਿੱਚ ਭਾਜਪਾ ਵੱਲੋਂ ਲਗਾਏ ਗਏ ਸਮਰਥਨ ਕੈਂਪ ਵਿੱਚ ਪਹੁੰਚਣ ਲਈ ਰਵਾਨਾ ਹੋਏ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ। ਇਸ ਤੋਂ ਬਾਅਦ ਸੁਨੀਲ ਜਾਖੜ ਟੋਲ ਪਲਾਜ਼ਾ ਨੇੜੇ ਧਰਨੇ ‘ਤੇ ਬੈਠ ਗਏ।
ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਕੋਈ ਪਰਵਾਹ ਨਹੀਂ ਹੈ। ਅਸੀਂ ਗਰੀਬ ਲੋਕਾਂ ਨੂੰ ਕੇਂਦਰ ਦੀਆਂ ਯੋਜਨਾਵਾਂ ਬਾਰੇ ਦੱਸ ਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਗਏ ਹਾਂ, ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ। ਅਸੀਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦੇਵਾਂਗੇ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਬੀਤੇ ਦਿਨ ਭਾਜਪਾ ਦੇ ਮੈਗਾ ਪ੍ਰੋਗਰਾਮ ‘ਭਾਜਪਾ ਦੇ ਸੇਵਾਦਾਰ, ਆ ਗਏ ਆਪਕੇ ਦੁਆਰ’ ਤਹਿਤ 3 ਦਰਜਨ ਦੇ ਕਰੀਬ ਕੈਂਪਾਂ ਵਿੱਚ ਪਹੁੰਚੇ 125 ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ, ਭਾਜਪਾ ਪੰਜਾਬ ਦੇ ਵਫ਼ਦ ਨੇ ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਵਿਰੁੱਧ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਸੀ।











