ਪੰਜਾਬ : ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਅੰਕੜਿਆਂ ਨੂੰ ਚਿੰਤਾਜਨਕ ਅਤੇ ਗੰਭੀਰ ਦੱਸਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਨੇ ਜ਼ਮੀਨੀ ਪਾਣੀ ਦੀ ਸੰਭਾਲ ਲਈ ਜਨਵਰੀ 2023 ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ (The Punjab Government), ਪੰਜਾਬ ਜਲ ਸਰੋਤ ਵਿਕਾਸ ਵਿਭਾਗ ਅਤੇ ਕੇਂਦਰੀ ਜ਼ਮੀਨੀ ਜਲ ਅਥਾਰਟੀ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
ਪੰਚਕੂਲਾ ਵਾਸੀ ਧਰੁਵ ਚਾਵਲਾ ਨੇ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪਹਿਲਾਂ ਹੀ ਧਰਤੀ ਹੇਠਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਲੁੱਟ ਕਾਰਨ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ।
ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੁਆਰਾ 2020 ਦੇ ਬਲਾਕ ਵਾਈਜ਼ ਗਰਾਊਂਡ ਵਾਟਰ ਅਸੈਸਮੈਂਟ ਦੌਰਾਨ, ਇਹ ਪਾਇਆ ਗਿਆ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦਾ ਵੱਧ ਤੋਂ ਵੱਧ ਸ਼ੋਸ਼ਣ ਕੀਤਾ ਹੈ। ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਦਾ ਜ਼ਮੀਨੀ ਪਾਣੀ 2039 ਤੱਕ 300 ਮੀਟਰ ਤੋਂ ਹੇਠਾਂ ਆ ਸਕਦਾ ਹੈ।