ਨਵੀਂ ਦਿੱਲੀ : ਆਰ.ਐੱਸ.ਐੱਸ. ਨੇ ਬੰਗਲਾਦੇਸ਼ ਵਿਚ ਹਿੰਦੂਆਂ ‘ਤੇ ਹੋ ਰਹੇ ਤਸ਼ੱਦਦ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਨੇਤਾ ਦੱਤਾਤ੍ਰੇਯ ਹੋਸਾਬਲੇ ਨੇ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਬੰਗਲਾਦੇਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸਕਾਨ ਦੇ ਚਿਨਮਯ ਕ੍ਰਿਸ਼ਨ ਦਾਸ ਨੂੰ ਰਿਹਾਅ ਕੀਤਾ ਜਾਵੇ। ਦੱਤਾਤ੍ਰੇਅ ਨੇ ਬਿਆਨ ‘ਚ ਕਿਹਾ- ਬੰਗਲਾਦੇਸ਼ ‘ਚ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ‘ਤੇ ਇਸਲਾਮਿਕ ਕੱਟੜਪੰਥੀਆਂ ਵੱਲੋਂ ਔਰਤਾਂ ‘ਤੇ ਹਮਲੇ, ਕਤਲ ਅਤੇ ਅੱਤਿਆਚਾਰ ਬਹੁਤ ਚਿੰਤਾਜਨਕ ਹਨ। ਸੰਘ ਇਸਦੀ ਨਿੰਦਾ ਕਰਦਾ ਹੈ।
ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਅਤੇ ਏਜੰਸੀਆਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਜਿਨ੍ਹਾਂ ਨੇ ਬੰਗਲਾਦੇਸ਼ ਦੇ ਹਿੰਦੂਆਂ ਦੀ ਸੁਰੱਖਿਆ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਈ, ਹੁਣ ਉਨ੍ਹਾਂ ਨੂੰ ਵੀ ਦਬਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਜ਼ੁਲਮ ਅਤੇ ਬੇਇਨਸਾਫ਼ੀ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ।
ਦੱਤਾਤ੍ਰੇਅ ਨੇ ਕਿਹਾ ਕਿ ਇਸਕੋਨ ਦੇ ਭਿਕਸ਼ੂ ਚਿਨਮਯ ਕ੍ਰਿਸ਼ਨ ਦਾਸ, ਜੋ ਅਜਿਹੇ ਸ਼ਾਂਤਮਈ ਪ੍ਰਦਰਸ਼ਨਾਂ ਵਿੱਚ ਹਿੰਦੂਆਂ ਦੀ ਅਗਵਾਈ ਕਰ ਰਹੇ ਸਨ, ਨੂੰ ਬੰਗਲਾਦੇਸ਼ ਸਰਕਾਰ ਨੇ ਜੇਲ੍ਹ ਭੇਜ ਦਿੱਤਾ ਹੈ, ਇਹ ਬੇਇਨਸਾਫ਼ੀ ਹੈ। ਸੰਘ ਨੇ ਬੰਗਲਾਦੇਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਚਿਨਮਏ ਕ੍ਰਿਸ਼ਨਾ ਦਾਸ ਨੂੰ ਜੇਲ੍ਹ ਤੋਂ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।