ਓਨਟਾਰੀਓ : ਡੋਨਾਲਡ ਟਰੰਪ ਲਗਾਤਾਰ ਕਹਿ ਰਹੇ ਹਨ ਕਿ ਕੈਨੇਡਾ ਉਨ੍ਹਾਂ ਦਾ 51ਵਾਂ ਸੂਬਾ ਹੈ। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੇ ਸਾਰੇ ਸਮਾਨ ‘ਤੇ 25 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ। ਹੁਣ ਇਸ ਦੇ ਜਵਾਬ ਵਿਚ ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਨਟਾਰੀਓ ਵਿਚ ਅਮਰੀਕੀ ਸ਼ਰਾਬ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਇਹ ਅਮਰੀਕੀ ਰਾਜਾਂ ਮਿਸ਼ੀਗਨ, ਨਿਊਯਾਰਕ ਅਤੇ ਮਿਨੇਸੋਟਾ ਨੂੰ ਬਿਜਲੀ ਦੀ ਬਰਾਮਦ ਰੋਕਣ ‘ਤੇ ਵੀ ਵਿਚਾਰ ਕਰ ਰਹੀ ਹੈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਓਨਟਾਰੀਓ ਅਮਰੀਕਾ ਨੂੰ ਮਹੱਤਵਪੂਰਨ ਖਣਿਜਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਅਮਰੀਕੀ ਕੰਪਨੀਆਂ ਨੂੰ ਸਰਕਾਰੀ ਟੈਂਡਰਾਂ ਤੋਂ ਬਾਹਰ ਰੱਖਣ ਦੀਆਂ ਵੀ ਤਿਆਰੀਆਂ ਹਨ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਬਿਜਲੀ ਨਾ ਵੇਚਣ ਦੇ ਫੈਸਲੇ ਨੂੰ ਆਖਰੀ ਵਿਕਲਪ ਦੱਸਿਆ ਹੈ।
ਫੋਰਡ ਨੇ ਕਿਹਾ ਮੈਨੂੰ ਨਹੀਂ ਲੱਗਦਾ ਕਿ ਟਰੰਪ ਅਜਿਹਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅਮਰੀਕਾ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇਕਰ ਤੁਸੀਂ ਸਾਡੇ ਲੋਕਾਂ ਦੇ ਰੁਜ਼ਗਾਰ ਨੂੰ ਨਿਸ਼ਾਨਾ ਬਣਾਉਂਦੇ ਹੋ ਤਾਂ ਅਸੀਂ ਹਰ ਸੰਭਵ ਕਦਮ ਚੁੱਕਾਂਗੇ। ਹਾਲਾਂਕਿ ਮੈਨੂੰ ਉਮੀਦ ਹੈ ਕਿ ਅਜਿਹਾ ਕਰਨ ਦੀ ਲੋੜ ਨਹੀਂ ਪਵੇਗੀ। ਇਸ ‘ਤੇ ਟਰੰਪ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਫੋਰਡ ਅਜਿਹਾ ਕਰਦਾ ਹੈ ਤਾਂ ਠੀਕ ਹੈ। ਅਮਰੀਕਾ ਕੈਨੇਡਾ ਨੂੰ ਸਬਸਿਡੀ ਦੇ ਰਿਹਾ ਹੈ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ।