Homeਹਰਿਆਣਾਹਰਿਆਣਾ ਦੇ ਸਾਬਕਾ ਮੰਤਰੀ ਕਰਨ ਦੇਵ ਕੰਬੋਜ ਨੇ ਭਾਜਪਾ ਦੇ ਸਾਰੇ ਅਹੁਦਿਆਂ...

ਹਰਿਆਣਾ ਦੇ ਸਾਬਕਾ ਮੰਤਰੀ ਕਰਨ ਦੇਵ ਕੰਬੋਜ ਨੇ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੰਤਰੀ ਕਰਨ ਦੇਵ ਕੰਬੋਜ (Former Minister Karan Dev Kamboj) ਨੇ ਭਾਜਪਾ ਛੱਡਦੇ ਹੋਏ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ਇੰਦਰੀ ਵਿਧਾਨ ਸਭਾ ਤੋਂ 2014 ਦੇ ਵਿਧਾਇਕ ਅਤੇ ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਦੇ ਸਾਬਕਾ ਰਾਜ ਮੰਤਰੀ ਕਰਨਦੇਵ ਕੰਬੋਜ ਨੇ ਇੰਦਰੀ ਤੋਂ ਟਿਕਟ ਨਾ ਮਿਲਣ ‘ਤੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਇਸ ਸਮੇਂ ਉਹ ਭਾਜਪਾ ਓ.ਬੀ.ਸੀ. ਮੋਰਚਾ ਹਰਿਆਣਾ ਦੇ ਸੂਬਾ ਪ੍ਰਧਾਨ ਸਨ ਪਰ ਹੁਣ ਉਨ੍ਹਾਂ ਨੇ ਆਪਣੇ ਅਹੁਦੇ ਦੇ ਨਾਲ-ਨਾਲ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕਰਨ ਦੇਵ ਕੰਬੋਜ ਨੇ ਆਪਣੇ ਅਸਤੀਫ਼ੇ ‘ਚ ਪਾਰਟੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ਪੰਡਿਤ ਦੀਨਦਿਆਲ ਉਪਾਧਿਆਏ ਅਤੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਭਾਜਪਾ ਨਹੀਂ ਰਹੀ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਗੱਦਾਰਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ, ਜਦਕਿ ਵਫ਼ਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕੰਬੋਜ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਾਲਾਂ ਤੱਕ ਭਾਜਪਾ ਦੀ ਸੇਵਾ ਕੀਤੀ, ਪਰ ਪਾਰਟੀ ਨੇ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ।

ਕੰਬੋਜ ਨੇ ਆਪਣੇ ਅਸਤੀਫ਼ੇ ਵਿੱਚ ਜ਼ਿਕਰ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਨੇ ਹਰਿਆਣਾ ਭਰ ਵਿੱਚ ਓ.ਬੀ.ਸੀ. ਮੋਰਚਾ ਦੇ ਪ੍ਰਧਾਨ ਵਜੋਂ ਕੰਮ ਕੀਤਾ ਅਤੇ 150 ਸਮਾਜਿਕ ਸਮੂਹ ਬਣਾਏ। ਇਸ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਕੰਬੋਜ ਨੇ ਦੋਸ਼ ਲਾਇਆ ਕਿ ਪਾਰਟੀ ਨੇ ਵਫ਼ਾਦਾਰ ਵਰਕਰਾਂ ਦੀ ਬਜਾਏ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ।

ਜਦਕਿ ਕੰਬੋਜ ਨੇ ਭਾਜਪਾ ਦੇ ਫ਼ੈਸਲਿਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਹੁਣ ਕਾਂਗਰਸ ਵਰਗੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਵਿੱਚ ਪੁਰਾਣੇ ਅਤੇ ਵਫ਼ਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਨਵੇਂ ਚਿਹਰਿਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਫਿਰ ਕਾਂਗਰਸ ਅਤੇ ਭਾਜਪਾ ਵਿੱਚ ਕੀ ਫਰਕ ਰਹਿ ਗਿਆ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਇਹ ਵੀ ਕਿਹਾ ਕਿ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਉਨ੍ਹਾਂ ਦੇ ਸਮਰਥਕਾਂ ਦੇ ਫ਼ੈਸਲੇ ‘ਤੇ ਨਿਰਭਰ ਕਰੇਗਾ। ਉਨ੍ਹਾਂ ਸੰਕੇਤ ਦਿੱਤਾ ਕਿ ਉਹ ਆਪਣੇ ਸਮਰਥਕਾਂ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਅਗਲਾ ਕਦਮ ਚੁੱਕਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments