ਕੈਨੇਡਾ : ਕੈਨੇਡਾ (Canada) ਤੋਂ ਇਕ ਹੋਰ ਪੰਜਾਬੀ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਚਿਨ ਭਾਟੀਆ (26) ਪੁੱਤਰ ਬਿਸ਼ਨ ਦਾਸ ਵਾਸੀ ਪਿੰਡ ਕੋਠੀ ਤਲਵਾੜਾ, ਦਸੂਹਾ ਹੁਸ਼ਿਆਰਪੁਰ (Dasuha Hoshiarpur) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਚਿਨ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ 2 ਭੈਣਾਂ ਦਾ ਇਕਲੌਤਾ ਭਰਾ ਸੀ। ਤੇਜ਼ ਬੁਖਾਰ ਕਾਰਨ ਉਸ ਦੀ ਮੌਤ ਹੋ ਗਈ।
ਸਚਿਨ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਉਸ ਦੀ ਭੈਣ ਵੀ ਕੈਨੇਡਾ ਚਲੀ ਗਈ, ਜੋ ਉਸ ਦੇ ਨਾਲ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸਚਿਨ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਆਪਣੇ ਲੜਕੇ ਨਾਲ ਗੱਲ ਹੋਈ ਸੀ, ਜਿਸ ਨੇ ਦੱਸਿਆ ਕਿ ਉਹ ਕੰਮ ਤੋਂ ਘਰ ਜਾ ਰਿਹਾ ਸੀ। ਉਸਨੇ ਇਹ ਵੀ ਦੱਸਿਆ ਕਿ ਉਸਨੂੰ ਬੁਖਾਰ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਬੇਟੀ ਦਾ ਫੋਨ ਆਇਆ ਕਿ ਸਚਿਨ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਸਚਿਨ ਨੂੰ ਮ੍ਰਿਤਕ ਐਲਾਨ ਦਿੱਤਾ। ਬੇਟੀ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਦੋ ਦਿਨਾਂ ਤੱਕ ਹਸਪਤਾਲ ‘ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਭਾਰਤ ਲਿਆਂਦਾ ਜਾਵੇ।