ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਲਗਭਗ 500,000 ਏਕੜ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਸੀ। ਸਰਕਾਰ ਨੇ ਹੁਣ ਇਨ੍ਹਾਂ ਕਿਸਾਨਾਂ ਨੂੰ 200,000 ਕੁਇੰਟਲ ਕਣਕ ਦੇ ਬੀਜ ਮੁਫ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਫ਼ਤ ਬੀਜ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ, ਅਤੇ ਸੂਬਾ ਸਰਕਾਰ ਹਰ ਪੱਧਰ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ , ” ਕੁਦਰਤੀ ਆਫ਼ਤ ਕਾਰਨ ਪੰਜਾਬ ਇਸ ਸਮੇਂ ਮੁਸ਼ਕਲ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ। ਹੜ੍ਹਾਂ ਕਾਰਨ 500,000 ਏਕੜ ਫਸਲਾਂ ਖਰਾਬ ਹੋ ਚੁੱਕੀ ਹੈ, ਅਤੇ ਕਿਸਾਨ ਬੀਜ ਖਰੀਦਣ ਤੋਂ ਅਸਮਰੱਥ ਹਨ। ਇਸ ਲਈ, ਸਰਕਾਰ ਨੇ 500,000 ਏਕੜ ਜ਼ਮੀਨ ਲਈ ਮੁਫ਼ਤ ਕਣਕ ਦੇ ਬੀਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ, ਕਿਸਾਨਾਂ ਨੂੰ 200,000 ਕੁਇੰਟਲ ਬੀਜ ਮੁਫ਼ਤ ਦਿੱਤੇ ਜਾਣਗੇ। ਅਸੀਂ ਸੂਬੇ ਦੇ ਕਿਸਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਉਨ੍ਹਾਂ ਦੇ ਖੇਤਾਂ ਵਿੱਚ ਨਵੀਂ ਜਾਨ ਪਾਉਣ ਵਿੱਚ ਮਦਦ ਕਰਨ ਲਈ ਇੱਕ ਛੋਟਾ ਜਿਹਾ ਉਪਰਾਲਾ ਕਰ ਰਹੇ ਹਾਂ।” ਸਾਡੀ ਸਰਕਾਰ ਇਸ ਔਖੇ ਸਮੇਂ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਬੀਜ, ਜਿਸਦੀ ਕੀਮਤ ਲਗਭਗ 74 ਕਰੋੜ ਰੁਪਏ ਹੈ, ਆਗਾਮੀ ਰਬੀ ਸੀਜ਼ਨ ਲਈ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਦਿੱਤਾ ਹੈ, ਅਤੇ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ, ਹੜ੍ਹ ਨੇ ਪੰਜਾਬ ਨੂੰ ਬੇਮਿਸਾਲ ਨੁਕਸਾਨ ਪਹੁੰਚਾਇਆ ਹੈ।
ਸੂਬੇ ਦੇ 2,300 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 500,000 ਏਕੜ ਵਿੱਚ ਫਸਲਾਂ ਤਬਾਹ ਹੋ ਗਈਆਂ ਹਨ। ਹੁਣ ਤੱਕ ਇਸ ਆਫ਼ਤ ਵਿੱਚ 56 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 700,000 ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ, ਹੜ੍ਹਾਂ ਨੇ 3,200 ਸਰਕਾਰੀ ਸਕੂਲ, 19 ਕਾਲਜ, 1,400 ਹਸਪਤਾਲ ਅਤੇ ਕਲੀਨਿਕਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। 8,500 ਕਿਲੋਮੀਟਰ ਸੜਕਾਂ ਅਤੇ 2,500 ਪੁਲ ਵੀ ਢਹਿ ਗਏ ਹਨ। ਕੁੱਲ ਨੁਕਸਾਨ ਦਾ ਅੰਦਾਜ਼ਾ ਲਗਭਗ 13,800 ਕਰੋੜ ਰੁਪਏ ਲਗਾਇਆ ਗਿਆ ਹੈ, ਪਰ ਅਸਲ ਅੰਕੜਾ ਇਸ ਤੋਂ ਕਿਤੇ ਵੱਧ ਹੋ ਸਕਦਾ ਹੈ।











