ਬਠਿੰਡਾ: ਪੰਜਾਬ ਦੇ ਬਠਿੰਡਾ ਵਿੱਚ ਬੀਤੇ ਦਿਨ ਇੱਕ ਭਿਆਨਕ ਸੜਕ ਹਾਦਸੇ (A Terrible Road Accident) ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਜਦਕਿ 18 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫਤਰ ਦੇ ਐਕਸ ਅਕਾਊਂਟ ਤੋਂ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਪੰਜਾਬ ਦੇ ਬਠਿੰਡਾ ‘ਚ ਬੱਸ ਹਾਦਸੇ ‘ਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। PMNRF (ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ) ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਦੱਸ ਦੇਈਏ ਕਿ ਇਹ ਸੜਕ ਹਾਦਸਾ ਬਠਿੰਡਾ ਦੇ ਕੋਟਸ਼ਮੀਰ ਰੋਡ ‘ਤੇ ਉਸ ਸਮੇਂ ਵਾਪਰਿਆ ਜਦੋਂ ਪੁਲ ਤੋਂ ਲੰਘ ਰਹੀ ਇੱਕ ਯਾਤਰੀ ਬੱਸ ਨਾਲੇ ਵਿੱਚ ਜਾ ਡਿੱਗੀ। ਬੱਸ ਡਿੱਗਣ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਬੱਸ ‘ਚ ਸਵਾਰ 5 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਲੋਕਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦੌਰਾਨ ਹੋਰ 18 ਯਾਤਰੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਪ੍ਰਾਈਵੇਟ ਬੱਸ ਵਿੱਚ ਸਵਾਰ ਸਾਰੇ ਯਾਤਰੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰ ਰਹੇ ਸਨ। ਬਠਿੰਡਾ ਤਲਵੰਡੀ ਸਾਬੋ ਰੋਡ ’ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਬੱਸ ਪੁਲ ਤੋਂ ਕਈ ਫੁੱਟ ਹੇਠਾਂ ਨਾਲੇ ਵਿੱਚ ਜਾ ਡਿੱਗੀ। ਇਸ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਲੋਕਾਂ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮਦਦ ਲਈ ਪਹੁੰਚ ਗਏ। ਪੁਲਿਸ ਟੀਮ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ‘ਚ ਜੁਟੀ ਹੋਈ ਹੈ।