ਨਵੀਂ ਦਿੱਲੀ : ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। LG ਦੇ ਪ੍ਰਮੁੱਖ ਸਕੱਤਰ ਨੇ ਦਿੱਲੀ ਦੇ ਮੁੱਖ ਸਕੱਤਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।
27 ਦਸੰਬਰ ਨੂੰ ਭੇਜੇ ਗਏ ਪੱਤਰ ਰਾਹੀਂ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਗੈਰ-ਸਰਕਾਰੀ ਲੋਕਾਂ ਵੱਲੋਂ ਦਿੱਲੀ ਦੇ ਲੋਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੀ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 12 ਦਸੰਬਰ ਨੂੰ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਚੋਣਾਂ ਜਿੱਤਣ ਤੋਂ ਬਾਅਦ ਇਸਨੂੰ ਵਧਾ ਕੇ 2100 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।
LG ਨੇ ਕਿਹਾ ਹੈ ਕਿ ਪੁਲਿਸ ਕਮਿਸ਼ਨਰ ਸਰਹੱਦ ‘ਤੇ ਵਾਹਨਾਂ ਦੀ ਜਾਂਚ ਕਰਨ ਅਤੇ ਮੁੱਖ ਸਕੱਤਰ ਚੋਣ ਕਮਿਸ਼ਨ ਨੂੰ ਸੂਚਿਤ ਕਰਨ। 12 ਦਸੰਬਰ ਨੂੰ ਕੇਜਰੀਵਾਲ ਨੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਨੂੰ ਮਹਿਲਾ ਸਨਮਾਨ ਯੋਜਨਾ ਦਾ ਨਾਂ ਦਿੱਤਾ ਗਿਆ ਹੈ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਔਰਤ ਇਸ ਸਕੀਮ ਦੇ ਦਾਇਰੇ ਵਿੱਚ ਆਵੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਬਾਅਦ ਔਰਤਾਂ ਨੂੰ ਹਰ ਮਹੀਨੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ।‘ਆਪ’ ਨੇ 25 ਦਸੰਬਰ ਨੂੰ ਇਸ ਸਕੀਮ ਦੇ ਖਿਲਾਫ ਅਖਬਾਰਾਂ ‘ਚ ਇਸ਼ਤਿਹਾਰ ਛਪਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਸੀ। ਇਸ ਵਿੱਚ ਸੀਐਮ ਆਤਿਸ਼ੀ ਅਤੇ ਕੇਜਰੀਵਾਲ ਨੇ ਸ਼ਿਰਕਤ ਕੀਤੀ ਸੀ। ‘ਆਪ’ ਕਨਵੀਨਰ ਕੇਜਰੀਵਾਲ ਨੇ ਇਸ ਲਈ ਦਿੱਲੀ ਦੇ ਐਲਜੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਦੋਂਕਿ ਸੀਐਮ ਆਤਿਸ਼ੀ ਨੇ ਕਿਹਾ ਕਿ ਅਧਿਕਾਰੀ ਭਾਜਪਾ ਦੇ ਦਬਾਅ ਹੇਠ ਹਨ।