ਨਵੀਂ ਦਿੱਲੀ : ਦਿੱਲੀ ਵਿਚ ਵਿਧਾਨਸਭਾ ਚੋਣਾਂ ਵਿਚ ਬਹੁਤ ਘੱਟ ਸਮਾਂ ਰਹਿ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਤੋਂ ਪਹਿਲਾਂ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਦਿੱਲੀ ਦੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18000 ਰੁਪਏ ਦਿੱਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ 2025 ‘ਚ ਸਾਡੀ ਸਰਕਾਰ ਦੇ ਸੱਤਾ ‘ਚ ਵਾਪਸ ਆਉਂਦੇ ਹੀ ਇਸ ਯੋਜਨਾ ਤਹਿਤ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18,000 ਰੁਪਏ ਦਿੱਤੇ ਜਾਣਗੇ।
ਖਾਸ ਗੱਲ ਇਹ ਹੈ ਕਿ ਇਸ ਸਕੀਮ ਤਹਿਤ ਮੰਗਲਵਾਰ (31 ਦਸੰਬਰ) ਤੋਂ ਹੀ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਇਹ ਤੀਜੀ ਵੱਡੀ ਯੋਜਨਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਦਾ ਐਲਾਨ ਕੀਤਾ ਸੀ। ਇਸਤੋਂ ਪਹਿਲਾ ਮਹਿਲਾ ਸਨਮਾਨ ਯੋਜਨਾ ਤਹਿਤ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜੇਕਰ 2025 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਸੋਮਵਾਰ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕਿਹਾ ਸੀ ਕਿ ਉਹ ਦੁਪਹਿਰ 12 ਵਜੇ ਇਕ ਵੱਡਾ ਐਲਾਨ ਕਰਨਗੇ, ਜਿਸ ਨਾਲ ਦਿੱਲੀ ਦੇ ਲੋਕ ਬਹੁਤ ਖੁਸ਼ ਹੋਣਗੇ। ਦਿੱਲੀ ਵਿੱਚ ਅਗਲੇ ਸਾਲ ਫਰਵਰੀ ਮਹੀਨੇ ਵਿੱਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਅਜਿਹੇ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਹੀ ਚੋਣ ਮੋਡ ਵਿੱਚ ਆ ਗਈ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।