ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਕਾਫੀ ਦੇਰ ਤੋਂ ਉੱਠ ਰਹੀ ਹੈ। ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨਾਲ ਸਬੰਧਤ ਸਾਰੇ ਮਸਲੇ ਉਪ ਰਾਸ਼ਟਰਪਤੀ ਦੇ ਸਾਹਮਣੇ ਰੱਖੇ ਗਏ।
ਅਨੁਰਾਗ ਦਲਾਲ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਅਤੇ ਹੋਰ ਅਹਿਮ ਮੁੱਦਿਆਂ ਸਬੰਧੀ ਉਹ ਉਪ ਰਾਸ਼ਟਰਪਤੀ ਨੂੰ ਮਿਲੇ ਹਨ ਅਤੇ ਉਨ੍ਹਾਂ ਯੂਨੀਵਰਸਿਟੀ ਵਿੱਚ ਜਲਦੀ ਹੀ ਸੈਨੇਟ ਦੀਆਂ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਹੋਰ ਵਿਸ਼ਿਆਂ ਜਿਵੇਂ ਲੈਬ, ਪਾਰਕਿੰਗ, ਕਲਾਸ ਰੂਮ, ਬੁਨਿਆਦੀ ਢਾਂਚੇ ਦੇ ਫੰਡਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਅਨੁਰਾਗ ਨੇ ਦੱਸਿਆ ਕਿ ਪੂਟਾ ਦੀ ਮੰਗ ‘ਤੇ ਪ੍ਰੋਫੈਸਰ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਬਕਾਏ ‘ਤੇ ਵੀ ਚਰਚਾ ਕੀਤੀ ਗਈ।
ਯੂਨੀਵਰਸਿਟੀ ਵਿਚ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਉਨ੍ਹਾਂ ਦੇ ਹੱਲ ਲਈ ਵੀ ਗੱਲਬਾਤ ਕੀਤੀ। ਅਨੁਰਾਗ ਨੇ ਉਪ ਰਾਸ਼ਟਰਪਤੀ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਪ ਰਾਹਤਰਪਾਤੀ ਨੇ ਡੱਲੇਵਾਲ ਦੀ ਸਿਹਤ ਬਾਰੇ ਚਿੰਤਾ ਪ੍ਰਗਟਾਈ। ਅਨੁਰਾਗ ਨੂੰ ਪੰਜਾਬ ਯੂਨੀਵਰਸਿਟੀ ਦਾ ਪਹਿਲਾ ਆਜ਼ਾਦ ਪ੍ਰਧਾਨ ਬਣਨ ‘ਤੇ ਵਧਾਈ ਦਿੰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਉਹ ਕਿਸਾਨ ਵਰਗ ਦੇ ਪੁੱਤਰ ਦੀ ਤਰੱਕੀ ਦੇਖ ਕੇ ਬਹੁਤ ਖੁਸ਼ ਹਨ।