ਪੰਜਾਬ : ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਸ਼ੁਰੂ ਕਰਕੇ ਪੰਜਾਬੀਆਂ ਲਈ ਨਵੀਂ ਪਹਿਲ ਕੀਤੀ ਹੈ। ਪੰਜਾਬ ਸਰਕਾਰ ਨੇ ‘ਨਸ਼ਾ ਮੁਕਤ ਪੰਜਾਬ’ ਦੇ ਉਦੇਸ਼ ਦੀ ਪ੍ਰਾਪਤੀ ਲਈ ਇੱਕ ਨਸ਼ਾ ਵਿਰੋਧੀ ਹੈਲਪਲਾਈਨ 9779-100-200 ਅਤੇ ਇੱਕ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ। ਇਹ ਪਹਿਲਕਦਮੀ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਅਤੇ ਸਹਾਇਤਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਚੈਟਬੋਟ ਅਤੇ ਹੈਲਪਲਾਈਨ ਰਾਹੀਂ ਲੋਕ ਨਸ਼ੇ ਨਾਲ ਸਬੰਧਤ ਸਮੱਸਿਆਵਾਂ ਦੀ ਰਿਪੋਰਟ ਕਰ ਸਕਦੇ ਹਨ ਅਤੇ ਇਲਾਜ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਇਸ ਪਲੇਟਫਾਰਮ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਹੂਲਤ ਨੂੰ ਪ੍ਰਾਈਵੇਸੀ ਨੂੰ ਧਿਆਨ ‘ਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣ। ਲੋਕ ਵਟਸਐਪ ਮੈਸੇਜ ਭੇਜ ਕੇ ਜਾਂ ਇਸ ਨੰਬਰ 9779-100-200 ‘ਤੇ ਕਾਲ ਕਰਕੇ ਮਦਦ ਲੈ ਸਕਦੇ ਹਨ। ਇਹ ਪਲੇਟਫਾਰਮ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।