ਮੱਧ ਪ੍ਰਦੇਸ਼ : ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਭਾਜਪਾ ਮੰਤਰੀ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ। ਮੱਧ ਪ੍ਰਦੇਸ਼ ਦੇ ਮੰਤਰੀ ਵਿਜੇ ਸ਼ਾਹ ਨੂੰ ਭਾਰਤੀ ਫੌਜ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਵਿਵਾਦਪੂਰਨ ਟਿੱਪਣੀਆਂ ਲਈ ਅੱਜ ਸੁਪਰੀਮ ਕੋਰਟ ਨੇ ਸਖ਼ਤ ਫਟਕਾਰ ਲੱਗੀ। ਭਾਰਤ ਦੇ ਮੁੱਖ ਜੱਜ ਬੀ.ਆਰ. ਗਵਈ ਨੇ ਟਿੱਪਣੀਆਂ ਨੂੰ ਅਸਵੀਕਾਰਨਯੋਗ ਅਤੇ ਅਸੰਵੇਦਨਸ਼ੀਲ ਦੱਸਿਆ।
ਚੀਫ ਜਸਟਿਸ ਨੇ ਟਿੱਪਣੀ ਕਰਦੇ ਹੋਏ ਕਿਹਾ, “ਜਾਓ ਅਤੇ ਮੁਆਫ਼ੀ ਮੰਗੋ। ਕੁਝ ਸਮਝਦਾਰੀ ਦਿਖਾਓ।” ਮੱਧ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਤਹਿਤ ਇਸ ਮਾਮਲੇ ਵਿੱਚ ਮੰਤਰੀ ਸ਼ਾਹ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਵਿਰੋਧੀ ਧਿਰ, ਸਾਬਕਾ ਫੌਜੀ ਅਧਿਕਾਰੀਆਂ ਅਤੇ ਇੱਥੋਂ ਤੱਕ ਕਿ ਭਾਜਪਾ ਦੇ ਕੁਝ ਮੈਂਬਰਾਂ ਨੇ ਵੀ ਉਨ੍ਹਾਂ ਦੇ ਬਿਆਨ ਦੀ ਆਲੋਚਨਾ ਕੀਤੀ ਹੈ।
ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੂੰ ਆਪਣੇ ਸ਼ਬਦਾਂ ‘ਤੇ ਸੰਜਮ ਰੱਖਣਾ ਚਾਹੀਦਾ ਹੈ, ਖਾਸ ਕਰਕੇ ਜਦੋਂ ਦੇਸ਼ ਇਕ ਸੰਵੇਦਨਸ਼ੀਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਹ ਮਾਮਲਾ ਸਿਰਫ਼ ਰਾਜਨੀਤੀ ਨਾਲ ਹੀ ਨਹੀਂ ਸਗੋਂ ਫੌਜੀ ਸਨਮਾਨ ਨਾਲ ਵੀ ਸਬੰਧਤ ਹੈ, ਅਤੇ ਅਦਾਲਤ ਨੇ ਸਪੱਸ਼ਟ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।