ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਰੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਹੋਣਗੇ। ਹਾਲਾਂਕਿ ਇਸ ਬੈਠਕ ਦਾ ਸਮਾਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਵੀ ਪਾਰਟੀ ਬਣਾਈ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਸ ਸਬੰਧੀ ਗੱਲਬਾਤ ਹੋ ਸਕਦੀ ਹੈ। ਮੀਟਿੰਗ ਸਬੰਧੀ ਡਾ. ਚੀਮਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਦੇ ਮਾਮਲੇ ਵਿੱਚ ਆਪਣੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਕਈ ਵੱਡੇ ਆਗੂ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਸਮੇਤ ਕਈ ਵੱਡੇ ਆਗੂ ਪਾਰਟੀ ਦੀ ਮੈਂਬਰਸ਼ਿਪ ਲੈ ਚੁੱਕੇ ਹਨ। ਅਕਾਲੀ ਦਲ ਨੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ।