ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਨੂੰ ਪ੍ਰਵਾਨਗੀ ਦਿੱਤੀ ਗਈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅੱਜ ਸੰਸਦ ‘ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਜਾਵੇਗਾ।
ਸੰਸਦ ਵੱਲੋਂ ਬਿੱਲ ਪਾਸ ਹੋਣ ਤੋਂ ਬਾਅਦ ਦੇਸ਼ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਹੋ ਜਾਵੇਗਾ। ਜਾਣਕਾਰੀ ਮੁਤਾਬਕ ਕਰੀਬ ਡੇਢ ਘੰਟੇ ਤੱਕ ਚੱਲੀ ਕੈਬਨਿਟ ਮੀਟਿੰਗ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ਤੋਂ ਲੈ ਕੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਦੱਸ ਦੇਈਏ ਕਿ ਮਹਿਲਾ ਰਾਖਵਾਂਕਰਨ ਬਿੱਲ 27 ਸਾਲਾਂ ਤੋਂ ਲਟਕਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਨਵੀਂ ਸੰਸਦ ‘ਚ ਭਲਕੇ ਤੋਂ ਕੰਮ ਸ਼ੁਰੂ ਹੋ ਜਾਵੇਗਾ।
ਇਸ ਤੋਂ ਪਹਿਲਾਂ ਸੰਸਦ ਦੇ ਐਂਕਸੀ ਹਾਲ ਵਿੱਚ ਕੈਬਨਿਟ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮੰਤਰੀਆਂ ਨੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਸੋਮਵਾਰ ਤੋਂ ਸੰਸਦ ਦਾ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ 22 ਸਤੰਬਰ ਤੱਕ ਚੱਲੇਗਾ। ਐਤਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸਰਕਾਰ ਨੇ ਵਿਰੋਧੀ ਧਿਰ ਨੂੰ 8 ਬਿੱਲ ਪੇਸ਼ ਕਰਨ ਦੀ ਜਾਣਕਾਰੀ ਦਿੱਤੀ ਸੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।