ਅੰਮ੍ਰਿਤਸਰ: ਕਿਰਤੀ ਕਿਸਾਨ ਯੂਨੀਅਨ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਰੈਲੀ ਕੀਤੀ ਅਤੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਮਾਰਗ ਰਾਹੀਂ ਭਾਰਤ-ਪਾਕਿਸਤਾਨ ਵਪਾਰ ਨੂੰ ਖੋਲ੍ਹਣ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਰੈਲੀ ‘ਚ ਮੰਗ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਅਤੇ ਹੋਰ ਵਰਗਾਂ ਦੇ ਕਿਸਾਨਾਂ ਲਈ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਸਪੋਰਟ ‘ਤੇ ਸਿੱਧਾ ਕਾਰੋਬਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ‘ਤੇ 1200 ਡਾਲਰ ਪ੍ਰਤੀ ਟਨ ਦੇ ਹਿਸਾਬ ਨਾਲ ਲਗਾਈ ਗਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਨੂੰ ਭਾਰਤ-ਪਾਕਿਸਤਾਨ ਦਰਮਿਆਨ ਦੋਸਤਾਨਾ ਸਬੰਧ ਬਣਾਉਣ ਵੱਲ ਵਧਣਾ ਚਾਹੀਦਾ ਹੈ। ਭਾਰਤ-ਪਾਕਿਸਤਾਨ ਵਪਾਰ ਇਸ ਸਬੰਧ ਨੂੰ ਬਣਾਉਣ ਵਿੱਚ ਇੱਕ ਅਹਿਮ ਕੜੀ ਹੈ।
ਰੈਲੀ ਨੂੰ ਟਰੱਕ ਯੂਨੀਅਨ ਅਟਾਰੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਸੰਧੂ, ਅੰਮ੍ਰਿਤਸਰ ਫਰੂਟ ਐਂਡ ਵੈਜੀਟੇਬਲ ਐਸੋਸੀਏਸ਼ਨ ਦੇ ਪ੍ਰਧਾਨ ਕਰਨਜੀਤ ਸਿੰਘ ਬੱਤਰਾ, ਸਾਂਝੀ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬੱਤਰਾ ਆਦਿ ਨੇ ਸੰਬੋਧਨ ਕੀਤਾ। ਅੰਤ ਵਿੱਚ ਰੈਲੀ ਦੌਰਾਨ ਜਥੇਬੰਦੀ ਨੇ ਇਸ ਮੁੱਦੇ ’ਤੇ 20 ਸਤੰਬਰ ਨੂੰ ਸੂਬੇ ਦੇ ਹੁਸੈਨੀਵਾਲਾ ਅਤੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕਾਨਫਰੰਸ ਕਰਨ ਦਾ ਐਲਾਨ ਕੀਤਾ।