ਖੰਨਾ : ਵੱਡੀ ਵਾਰਦਾਤ ‘ਚ ਪੁਲਿਸ ਨੇ ‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ (Tarlochan Singh) ਦੇ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਲਦੀ ਹੀ ਇਸ ਮਾਮਲੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰੇਗੀ। ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਆਮ ਆਦਮੀ ਪਾਰਟੀ (Aap) ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦੀ ਬੀਤੀ ਸ਼ਾਮ ਖੰਨਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਰਿਪੋਰਟ ਮੁਤਾਬਕ ਤਰਲੋਚਨ ਸਿੰਘ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਲੜਕੇ ਹਰਪ੍ਰੀਤ ਸਿੰਘ ਹੈਪੀ ਅਤੇ ਹੋਰ ਪਿੰਡ ਵਾਸੀਆਂ ਨੇ ਖੂਨ ਨਾਲ ਲੱਥਪੱਥ ਸੜਕ ਕਿਨਾਰੇ ਪਿਆ ਦੇਖਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਖੰਨਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਤਰਲੋਚਨ ਸਿੰਘ ਦਾ ਪਿੰਡ ਵਿੱਚ ਸਿਆਸੀ ਦਖਲ ਅੰਦਾਜ਼ੀ ਦਾ ਇਤਿਹਾਸ ਰਿਹਾ ਹੈ, ਉਹ ਇਸ ਤੋਂ ਪਹਿਲਾਂ ਸਰਪੰਚ ਦੀ ਚੋਣ ਵੀ ਲੜ ਚੁੱਕੇ ਹਨ, ਹਾਲਾਂਕਿ ਉਹ ਅਸਫਲ ਰਹੇ ਸੀ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਦੋਂ ਇਹ ਜਾਨਲੇਵਾ ਹਮਲਾ ਹੋਇਆ ਤਾਂ ਉਹ ਆਗਾਮੀ ਸਰਪੰਚ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਦੇ ਪੁੱਤਰ ਹਰਪ੍ਰੀਤ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਦੁਸ਼ਮਣੀ ਕਾਰਨ ਹੋਇਆ ਹੈ।
ਘਟਨਾ ਤੋਂ ਬਾਅਦ ਐਸ.ਪੀ ਇਨਵੈਸਟੀਗੇਸ਼ਨ ਸੌਰਵ ਜਿੰਦਲ, ਡੀ.ਐਸ.ਪੀ ਖੰਨਾ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਘਟਨਾ ਸਥਾਨ ’ਤੇ ਪਿੰਡ ਇਕੋਲਾਹੀ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਕਤਲ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਪੁਲਿਸ ਹਰ ਸੰਭਵ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ।