ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਜਲਦੀ ਹੀ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿਨਾਂ ਪਰਚੀ-ਖਰਚੀ ਦੇ ਨੌਕਰੀ ਵਾਲੀ ਭਾਜਪਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਸੱਚੀ ਰੱਖਿਅਕ ਹੈ। ਇਸੇ ਦੇ ਤਹਿਤ ਬਿਨਾਂ ਕਿਸੇ ਵਿਤਕਰੇ ਦੇ ਮੈਰਿਟ ਦੇ ਆਧਾਰ ‘ਤੇ ਨੌਕਰੀ ਦਿੱਤੀ ਜਾਂਦੀ ਹੈ ਅਤੇ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਵੀ ਲੋਕ ਸਭਾ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਸੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੈਥਲ ਦੇ ਆਰ.ਕੇ.ਐਸ.ਡੀ. ਕਾਲਜ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਉਨ੍ਹਾਂ ਦੇ ਆਤਮ-ਨਿਰਭਰ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਅੱਜ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕ ਤਾਕਤ ਹੈ। ਪ੍ਰਧਾਨ ਮੰਤਰੀ ਮੋਦੀ ਦਾ ਸੱਦਾ ਹੈ ਕਿ ਜੇਕਰ ਦੇਸ਼ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਤਾਕਤ ਬਣਾਉਣਾ ਹੈ, ਉਸਦਾ ਰਸਤਾ ਆਤਮ-ਨਿਰਭਰ ਭਾਰਤ ਵਿੱਚੋਂ ਦੀ ਲੰਘੇਗਾ। ਇਸ ਲਈ ਸਭ ਨੂੰ ਬੇਨਤੀ ਹੈ ਕਿ ਭਾਰਤ ਵਿੱਚ ਬਣੀਆਂ ਚੀਜ਼ਾਂ ਹੀ ਵੇਚੋ ਅਤੇ ਖਰੀਦੋ।
ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਦੀ ਇਹ ਪਛਾਣ ਹੈ ਕਿ ਉਹ ਨੌਜਵਾਨਾਂ ਸਮੇਤ ਰਾਜ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ 217 ਸਕੰਲਪ ਲਏ ਸਨ। ਇਹਨਾਂ ਵਿੱਚੋਂ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਕਿ 50 ਸੰਕਲਪ ਪੂਰੇ ਕਰ ਦਿੱਤੇ ਗਏ ਹਨ। ਜਲਦੀ ਹੀ 90 ਸੰਕਲਪ ਹੋਰ ਪੂਰੇ ਕਰ ਦਿੱਤੇ ਜਾਣਗੇ। ਸਰਕਾਰ ਬਣਦੇ ਹੀ ਹਰਿਆਣਾ ਵਿੱਚ ਭੈਣਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਗਿਆ। ਨਾਲ ਹੀ ਭੈਣਾਂ ਨੂੰ 2100 ਰੁਪਏ ਦੀ ਪੈਨਸ਼ਨ ਦੇ ਰੂਪ ਵਿੱਚ ਦੇ ਕੇ ਲਾਡੋ ਲਕਸ਼ਮੀ ਯੋਜਨਾ ਦੇ ਵਾਅਦੇ ਨੂੰ ਪੂਰਾ ਕੀਤਾ ਗਿਆ। ਯੋਜਨਾ ਦੇ ਤਹਿਤ ਭੈਣਾਂ ਨੂੰ ਦੋ ਕਿਸ਼ਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਗਰੀਬ ਲੋਕਾਂ ਨੂੰ ਪਲਾਟ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਨੀਪਤ ਵਿੱਚ 550 ਲੋਕਾਂ ਨੂੰ ਫਲੈਟ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੀਂਹ ਵਿੱਚ ਜਿਹੜੀਆਂ ਸੜਕਾਂ ਟੁੱਟ ਗਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਅੰਤ ਤੱਕ ਸਾਰੀਆਂ ਅਜਿਹੀਆਂ ਟੁੱਟੀਆਂ ਹੋਈਆਂ ਸੜਕਾਂ ਠੀਕ ਕਰਵਾ ਦਿੱਤੀਆਂ ਜਾਣਗੀਆਂ। ਇਸ ਲਈ ਛੇ ਵਿਭਾਗਾਂ ਵਿੱਚ ਤਾਲਮੇਲ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।












