ਚੰਡੀਗੜ੍ਹ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਦਿੱਤੀ ਹੈ।
ਡੀ.ਜੀ.ਪੀ ਨੇ ਦੱਸਿਆ ਕਿ ਰੋਹਨ ਮਸੀਹ ਵਾਸੀ ਪਿੰਡ ਪਸਿਆਣਾ, ਥਾਣਾ ਰਮਦਾਸ, ਅੰਮ੍ਰਿਤਸਰ ਦੇਹਟੀ ਦੀ ਗ੍ਰਿਫ਼ਤਾਰੀ ਅਤੇ ਹੋਰ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਮਾਮਲਾ ਸੁਲਝਾ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਐਮ.ਐਮ ਦਾ ਗਲਾਕ ਪਿਸਤੌਲ ਬਰਾਮਦ ਕੀਤਾ ਹੈ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀ.ਜੀ.ਪੀ ਨੇ ਦੱਸਿਆ ਕਿ ਮੁਲਜ਼ਮ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿਚ ਹੋਏ ਗ੍ਰਨੇਡ ਧਮਾਕੇ ਵਿਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਨੂੰ ਉਸ ਨੇ ਸਵੀਕਾਰ ਕਰ ਲਿਆ ਹੈ।