ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਹ ਐਲਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਵਿੱਚ ਕੀਤੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰ ਸਕੂਲੀ ਬੱਚਿਆਂ ਨੂੰ ਵੀ ਜਾਗਰੂਕ ਕਰ ਰਹੀ ਹੈ, ਕਿਉਂਕਿ ਵਧੇਰੇ ਕੈਫੀਨ ਉਨ੍ਹਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਂਦੀ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਬਤ ਹੋਇਆ ਹੈ ਕਿ ਐਨਰਜੀ ਡਰਿੰਕਸ ਵਿੱਚ ਹੋਣ ਵਾਲੀ ਉੱਚ ਮਾਤਰਾ ਦੀ ਕੈਫੀਨ ਬੱਚਿਆਂ ਦੀ ਤੰਦਰੁਸਤੀ ‘ਤੇ ਵਧੇਰੇ ਨੁਕਸਾਨ ਕਰ ਸਕਦੀ ਹੈ। ਬਹੁਤ ਸਾਰੇ ਨੌਜ਼ਵਾਨ ਅਤੇ ਵਿਦਿਆਰਥੀ ਡਰਿੰਕ ਨੂੰ ਆਦਤ ਬਣਾ ਲੈਂਦੇ ਹਨ, ਜਿਸ ਕਾਰਨ ਨੀਂਦ ਦੀ ਘਾਟ, ਰਕਤਚਾਪ ਦੀ ਗੜਬੜੀ, ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਜਨਮ ਲੈਂਦੀਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਆਪਣੀ ਰਾਇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਅਤੇ ਉਨ੍ਹਾਂ ਦੀ ਮੰਗ ‘ਤੇ ਨਿਯੰਤਰਣ ਲਿਆਉਣ ਲਈ ਤੀਬਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਅਤੇ ਹੋਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਤਾਂਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤੰਦਰੁਸਤ ਬਣਾਇਆ ਜਾ ਸਕੇ।