ਜਲੰਧਰ: ਭ੍ਰਿਸ਼ਟਾਚਾਰ ਵਿਰੁੱਧ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਆਪਣੀ ਹੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਕੀਤੀ ਹੈ। ਵਿਜੀਲੈਂਸ ਵਿਭਾਗ ਨੇ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਧਾਇਕ ‘ਤੇ ਦੋਸ਼ ਹੈ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਆਮ ਨਾਗਰਿਕਾਂ ਨੂੰ ਝੂਠੇ ਨੋਟਿਸ ਭੇਜਣ ਅਤੇ ਫਿਰ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਣ ਦੇ ਬਦਲੇ ਉਨ੍ਹਾਂ ਤੋਂ ਮੋਟੀ ਰਕਮ ਵਸੂਲਦੇ ਹਨ। ਸਰਕਾਰ ਨੂੰ ਇਸ ਸਬੰਧ ਵਿੱਚ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਅੱਜ ਛਾਪੇਮਾਰੀ ਕੀਤੀ। ‘ਆਪ’ ਬੁਲਾਰੇ ਸੰਨੀ ਆਹਲੂਵਾਲੀਆ ਅਨੁਸਾਰ, ਰਮਨ ਅਰੋੜਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ‘ਤੇ ਉਨ੍ਹਾਂ ਨੇ ਇਹ ਕਹਿ ਕੇ ਪ੍ਰਤੀਕਿ ਰਿਆ ਦਿੱਤੀ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਤਾਂ ਉਨ੍ਹਾਂ ਨੇ ਸੁਰੱਖਿਆ ਵਾਪਸ ਲੈ ਲਈ। ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਥਲ-ਪੁਥਲ ਲਿਆ ਸਕਦਾ ਹੈ ਅਤੇ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦਰਸਾਉਂਦਾ ਹੈ।