ਹਰਿਆਣਾ : ਹਰਿਆਣਾ ‘ਚ ਮੌਸਮ ਦਿਨੋ-ਦਿਨ ਬਦਲਦਾ ਜਾ ਰਿਹਾ ਹੈ। ਰਾਜ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਾਲਾਂਕਿ ਮੌਸਮ ਵਿਭਾਗ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਤੂਫਾਨ ਆਉਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪੰਚਕੂਲਾ, ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ‘ਚ ਮੀਂਹ ਪੈ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਹਰਿਆਣਾ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਜਦਕਿ ਹਿਸਾਰ ਜ਼ਿਲ੍ਹਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਜਿੱਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਰਿਆਣਾ ‘ਚ ਸਭ ਤੋਂ ਜ਼ਿਆਦਾ ਗਿਰਾਵਟ ਕਰਨਾਲ ‘ਚ ਦਰਜ ਕੀਤੀ ਗਈ।
ਕਿਸਾਨਾਂ ‘ਤੇ ਪਈ ਦੋਹਰੀ ਮਾਰ
ਸ਼ੁੱਕਰਵਾਰ ਨੂੰ ਪਏ ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ। ਮੀਂਹ ਕਾਰਨ ਮੰਡੀਆਂ ਵਿੱਚ ਪਈ ਕਣਕ ਦੇ ਢੇਰ ਪਾਣੀ ਵਿੱਚ ਡੁੱਬ ਗਏ। ਇੱਥੋਂ ਤੱਕ ਕਿ ਵੇਚੀ ਗਈ ਕਣਕ ਵੀ ਸਮੇਂ ਸਿਰ ਨਹੀਂ ਚੁਕਾਈ ਜਾ ਸਕੀ, ਜਿਸ ਕਾਰਨ ਕਣਕ ਦੀਆਂ ਬੋਰੀਆਂ ਗਿੱਲੀਆਂ ਹੋ ਗਈਆਂ। ਖਰਾਬ ਮੌਸਮ ਦੇ ਬਾਵਜੂਦ ਮਾਰਕੀਟ ਕਮੇਟੀ ਜਾਂ ਆੜ੍ਹਤੀਆਂ ਵੱਲੋਂ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਦੂਜੇ ਪਾਸੇ ਕਈ ਥਾਵਾਂ ‘ਤੇ ਬਿਜਲੀ ਤੋਂ ਸ਼ਾਰਟ ਸਰਕਟ ਹੋਣ ਕਾਰਨ ਖੇਤਾਂ ‘ਚ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ ਹੋਇਆ ਹੈ।