ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਰਾਮਬਨ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੋਈ ਹੈ, ਹੁਣ ਤੱਕ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫਿਲਹਾਲ ਸ਼੍ਰੀਨਗਰ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ, ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਰਾਮਬਨ ‘ਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਜਾਰੀ ਹੈ, ਪੂਰੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਜ਼ਮੀਨ ਖਿਸਕਣ ਕਾਰਨ ਮੁਸ਼ਕਲਾਂ ਵੀ ਵਧੀਆਂ ਹਨ।
ਕਈ ਘਰਾਂ ‘ਚ ਦਾਖਲ ਹੋਇਆ ਪਾਣੀ, ਹੜ੍ਹ ਵਰਗੀ ਸਥਿਤੀ
ਇਸ ਸਮੇਂ ਜ਼ਮੀਨ ਖਿਸਕਣ ਕਾਰਨ ਸ਼੍ਰੀਨਗਰ ਹਾਈਵੇਅ ‘ਤੇ ਪੱਥਰ ਡਿੱਗੇ ਹਨ, ਕਾਫੀ ਮਲਬਾ ਹੈ, ਇਸ ਲਈ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਹਾਈਵੇਅ ਅਚਾਨਕ ਬੰਦ ਹੋਣ ਕਾਰਨ ਲੰਬਾ ਟ੍ਰੈਫਿਕ ਜਾਮ ਵੀ ਦੇਖਣ ਨੂੰ ਮਿਲ ਰਿਹਾ ਹੈ, ਯਾਤਰੀ ਸੜਕ ਦੇ ਵਿਚਕਾਰ ਫਸੇ ਹੋਏ ਹਨ। ਕੁਝ ਰਿਪੋਰਟਾਂ ਮੁਤਾਬਕ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਇਸ ਲਈ ਸਥਿਤੀ ਹੋਰ ਵਿਗੜ ਸਕਦੀ ਹੈ। ਕਈ ਘਰਾਂ ‘ਚ ਪਾਣੀ ਦਾਖਲ ਹੋ ਚੁੱਕਾ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਮਬਨ ਦੇ ਬਨਿਹਾਲ ਇਲਾਕੇ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਕਿਸ਼ਤਵਾੜ-ਪਦਰ ਸੜਕ ਵੀ ਬੰਦ ਕਰ ਦਿੱਤੀ ਗਈ ਹੈ।