ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਲਗਭਗ 1 ਲੱਖ 50 ਹਜ਼ਾਰ ਰੁਪਏ ਦੀ 288 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਸਬੰਧੀ ਜ਼ਿਲ੍ਹਾ ਪੁਲਿਸ ਸੁਪਰਡੈਂਟ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਦੱਸਿਆ ਕਿ ਬਹਿਰਾਮਪੁਰ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਪਿੰਡ ਝਬਕਰਾ ਵਿੱਚ ਇਕ ਬੰਦ ਡਿਸਪੈਂਸਰੀ ਤੋਂ ਮੁਲਜ਼ਮ ਬਾਦਲ ਪੁੱਤਰ ਲਵਲੀ ਕੁਮਾਰ ਵਾਸੀ ਬਹਿਰਾਮਪੁਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਬਰਾਮਦ ਪਲਾਸਟਿਕ ਦੇ ਲਿਫਾਫੇ ਦੀ ਜਾਂਚ ਕਰਨ ‘ਤੇ ਉਸ ਵਿੱਚੋਂ 266 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਸ.ਐਸ.ਪੀ. ਸ੍ਰੀ ਆਦਿੱਤਿਆ ਨੇ ਦੱਸਿਆ ਕਿ ਇਸੇ ਤਰ੍ਹਾਂ ਦੋਰਾਂਗਲਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਟੀ-ਮੋਡ ਪਿੰਡ ਖੁੱਥੀ ਤੋਂ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਬਾਵੇ ਪੁੱਤਰ ਦਿਲਬਾਗ ਸਿੰਘ ਵਾਸੀ ਸਾਂਸੀਆ ਮੁਹੱਲਾ ਬਹਿਰਾਮਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।