ਬਟਾਲਾ : ਪਿੰਡ ਘੁੰਮਣ ਖੁਰਦ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ 22 ਸਾਲਾ ਹਾਕੀ ਖਿਡਾਰੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ 22 ਸਾਲਾ ਕੰਵਲਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਘੁਮਾਣ ਕਲਾਂ ਜੋ ਕਿ ਹਾਕੀ ਦਾ ਖਿਡਾਰੀ ਸੀ ਅੱਜ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਪਿੰਡ ਘੁੰਮਣ ਖੁਰਦ ਸਥਿਤ ਨਰਸਰੀ ਨੇੜੇ ਪੁੱਜਾ ਤਾਂ ਅਚਾਨਕ ਕਾਰ ਨਾਲ ਉਸ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਕਾਰ ਚਾਲਕ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਨੌਸ਼ਹਿਰਾ ਮੱਝਾ ਸਿੰਘ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਦੂਜੇ ਪਾਸੇ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਕੰਵਲਜੀਤ ਸਿੰਘ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਰੋਹ ਦਾ ਪ੍ਰਗਟਾਵਾ ਕਰਦਿਆਂ ਕਾਰ ਚਾਲਕ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ‘ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਇਹ ਧਰਨਾ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਤਾਰ 3 ਘੰਟੇ ਜਾਰੀ ਰਿਹਾ।
ਇਸ ਦੌਰਾਨ ਜਿੱਥੇ ਆਵਾਜਾਈ ਕਾਫੀ ਪ੍ਰਭਾਵਿਤ ਹੋਈ, ਉੱਥੇ ਹੀ ਇਸ ਸਬੰਧੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਗੁਰਦਾਸਪੁਰ ਰਾਜਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਖੋਲ ਦਿੱਤਾ।