ਚੰਡੀਗੜ੍ਹ: ਪੂਰੇ ਉੱਤਰ ਭਾਰਤ ਸਮੇਤ ਪੰਜਾਬ (Punjab) ਵਿੱਚ ਅਗਲੇ 5 ਦਿਨਾਂ ਤੱਕ ਠੰਢ ਦਾ ਕਹਿਰ ਜਾਰੀ ਰਹੇਗਾ। ਅਨੁਕੂਲ ਹਾਲਾਤ ਜਿਵੇਂ ਹਵਾ ਵਿੱਚ ਨਮੀ ਦੀ ਮਾਤਰਾ, ਹਵਾ ਦੀ ਰਫ਼ਤਾਰ ਜ਼ੀਰੋ, ਇੱਕ ਜਾਂ ਦੋ ਕਿਲੋਮੀਟਰ ਪ੍ਰਤੀ ਘੰਟਾ ਅਤੇ ਬਾਰਿਸ਼ ਦੀ ਲਗਾਤਾਰ ਅਣਹੋਂਦ ਧੁੰਦ ਨੂੰ ਅਲਵਿਦਾ ਕਹਿਣ ਦਾ ਮੌਕਾ ਨਹੀਂ ਦੇਵੇਗੀ। ਮੌਸਮ ਵਿਗਿਆਨੀਆਂ ਅਨੁਸਾਰ ਬੀਤੀ ਰਾਤ ਦੀ ਠੰਢ ਨੇ ਪੰਜਾਬ ਵਿੱਚ ਠੰਢ ਦਾ 9 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ।
9 ਸਾਲ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ ਮਨਫੀ ਇਕ ਡਿਗਰੀ ਦਰਜ ਕੀਤਾ ਗਿਆ ਸੀ ਅਤੇ ਮੌਜੂਦਾ ਸਾਲ ਦੇ ਜਨਵਰੀ ਮਹੀਨੇ ਵਿਚ ਬੀਤੀ ਰਾਤ ਦਾ ਨਵਾਂਸ਼ਹਿਰ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ ਮਨਫੀ ਭਾਵ -0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 14 ਜਨਵਰੀ ਦੀ ਰਾਤ ਨੂੰ ਨਵਾਂਸ਼ਹਿਰ ਦਾ ਘੱਟੋ-ਘੱਟ ਤਾਪਮਾਨ -0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਬੀਤੀ ਰਾਤ ਫਿਰ ਪਈ ਹੱਡ ਚੀਰਵੀਂ ਠੰਡ
ਚੰਡੀਗੜ੍ਹ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਬੀਤੀ ਰਾਤ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ, ਲੁਧਿਆਣਾ ਦਾ 3.3 ਡਿਗਰੀ ਸੈਲਸੀਅਸ, ਪਟਿਆਲਾ ਦਾ 3.1 ਡਿਗਰੀ ਸੈਲਸੀਅਸ, ਪਠਾਨਕੋਟ ਦਾ 4 ਡਿਗਰੀ ਸੈਲਸੀਅਸ, ਜਲੰਧਰ ਦਾ 4.3 ਡਿਗਰੀ ਸੈਲਸੀਅਸ, ਲੁਧਿਆਣਾ ਦੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ, ਬਠਿੰਡਾ ਦਾ 3 ਡਿਗਰੀ ਸੈਲਸੀਅਸ, ਫਰੀਦਕੋਟ ਦਾ 3.5 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 3.5 ਡਿਗਰੀ ਸੈਲਸੀਅਸ, ਨਵਾਂਸ਼ਹਿਰ ਦਾ ਤਾਪਮਾਨ ਮਨਫੀ 0.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।