ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸ਼ੁਕਰਾਨਾ ਯਾਤਰਾ ਦੇ ਤੀਜੇ ਦਿਨ ਬਠਿੰਡਾ ਵਿੱਚ ਵੱਡੇ ਜਨ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਬਣਦੀ ਹੈ, ਉੱਥੇ ਸਮਾਜਿਕ ਅਤੇ ਰਾਜਨੀਤਿਕ ਤਣਾਅ ਵਧਣ ਲੱਗਦਾ ਹੈ। ਉਨ੍ਹਾਂ ਨੇ ਬੰਗਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ “ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਹੀ ਸਥਿਤੀ ਵਿਗੜ ਗਈ ਅਤੇ ਲੋਕਾਂ ਨੂੰ ਕਈ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।”
ਮੁੱਖ ਮੰਤਰੀ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਲੋਕਾਂ ਦੀ ਭਾਵਨਾਵਾਂ ਅਤੇ ਧਾਰਮਿਕ ਮਰਿਆਦਾਵਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਲਾਗੂ ਹੋਣ ਤੋਂ ਬਾਅਦ ਇਹ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮਕਸਦ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਨਾ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਹੈ।
ਬਠਿੰਡਾ ਵਿੱਚ ਹੋਏ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਮੁੱਖ ਮੰਤਰੀ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ ਅਤੇ ਇੱਥੇ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਦੀ ਰਾਜਨੀਤੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਇਲਜ਼ਾਮ ਲਗਾਇਆ ਕਿ ਉਹ ਲੋਕਾਂ ਨੂੰ ਧਰਮ ਅਤੇ ਜਾਤੀ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸ਼ੁਕਰਾਨਾ ਯਾਤਰਾ ਦੌਰਾਨ ਲੋਕਾਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਸਥਾਨ ‘ਤੇ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਸਨ ਅਤੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਧਿਆਨ ਨਾਲ ਸੁਣਿਆ। ਪੰਜਾਬ ਦੀ ਸਿਆਸਤ ਵਿੱਚ ਇਸ ਯਾਤਰਾ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।











