ਫਤਿਹਗੜ੍ਹ ਸਾਹਿਬ : ਜ਼ਿਲ੍ਹੇ ਦੇ ਪਿੰਡ ਹਿੰਦੂਪੁਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਇਹ ਹਾਦਸਾ ਬੀਤੀ ਰਾਤ ਲਗਭਗ 10 ਵਜੇ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਸਟੇਸ਼ਨ ਹਾਊਸ ਅਫਸਰ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ।
ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਦੇਰ ਰਾਤ ਤਿੰਨੋਂ ਵਿਅਕਤੀ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਤੋਂ ਆਪਣੇ ਪਿੰਡ ਬੀਬੀਪੁਰ ਵਾਪਸ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਦਾ ਮੋਟਰਸਾਈਕਲ ਹਿੰਦੂਪੁਰ ਪਿੰਡ ਨੇੜੇ ਪਹੁੰਚਿਆ, ਤਾਂ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਚਕਨਾਚੂਰ ਹੋ ਗਿਆ ਅਤੇ ਤਿੰਨੋਂ ਸਵਾਰ ਸੜਕ ‘ਤੇ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬਡਾਲੀ ਆਲਾ ਸਿੰਘ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਅਤੇ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਅਤੇ ਪੁਲਿਸ ਉਸਨੂੰ ਲੱਭਣ ਲਈ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।











