ਦਿੱਲੀ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ‘ਤੇ ਭਾਰੀ ਆਰਥਿਕ ਦਬਾਅ ਪਾ ਦਿੱਤਾ ਹੈ। ਸੂਤਰਾਂ ਮੁਤਾਬਕ, ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਪਿਛਲੇ 10 ਹਫ਼ਤਿਆਂ ਦੌਰਾਨ ਮਿਲਾਕੇ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਝੱਲਣਾ ਪਿਆ ਹੈ। ਇਹ ਨੁਕਸਾਨ ਇਸ ਕਰਕੇ ਹੋ ਰਿਹਾ ਹੈ ਕਿਉਂਕਿ ਅੰਤਰਰਾਸ਼ਟਰੀ ਕੀਮਤਾਂ ਵਿੱਚ ਵੱਡੇ ਵਾਧੇ ਦੇ ਬਾਵਜੂਦ ਭਾਰਤੀ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ।
ਰਿਪੋਰਟਾਂ ਅਨੁਸਾਰ, ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਭਗ 50 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਪਰ ਭਾਰਤ ਵਿੱਚ ਪਿਛਲੇ ਦੋ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ ਸਥਿਰ ਹਨ। ਸਰਕਾਰ ਅਤੇ ਤੇਲ ਕੰਪਨੀਆਂ ਦੀ ਕੋਸ਼ਿਸ਼ ਹੈ ਕਿ ਆਮ ਲੋਕਾਂ ‘ਤੇ ਮਹਿੰਗਾਈ ਦਾ ਵਾਧੂ ਬੋਝ ਨਾ ਪਏ, ਜਿਸ ਕਾਰਨ ਇਹ ਵਿੱਤੀ ਘਾਟਾ ਕੰਪਨੀਆਂ ਖੁਦ ਝੱਲ ਰਹੀਆਂ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਤੇਲ ਕੰਪਨੀਆਂ ਨੂੰ ਰੋਜ਼ਾਨਾ ਕਰੀਬ 1,700 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਹ ਨੁਕਸਾਨ ਕੱਚੇ ਤੇਲ ਦੀ ਖਰੀਦ ਅਤੇ ਘਰੇਲੂ ਬਾਜ਼ਾਰ ਵਿੱਚ ਸਸਤੇ ਰੇਟ ‘ਤੇ ਪੈਟਰੋਲ-ਡੀਜ਼ਲ ਵੇਚਣ ਦੇ ਵਿਚਕਾਰਲੇ ਫਰਕ ਕਾਰਨ ਪੈਦਾ ਹੋ ਰਿਹਾ ਹੈ। ਮਾਹਿਰਾਂ ਮੁਤਾਬਕ, ਜੇਕਰ ਇਹ ਹਾਲਾਤ ਹੋਰ ਲੰਮੇ ਸਮੇਂ ਤੱਕ ਜਾਰੀ ਰਹੇ ਤਾਂ ਕੰਪਨੀਆਂ ਦੀ ਵਿੱਤੀ ਸਥਿਤੀ ‘ਤੇ ਗੰਭੀਰ ਅਸਰ ਪੈ ਸਕਦਾ ਹੈ।
ਫਿਲਹਾਲ ਭਾਰਤੀ ਖਪਤਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਨਾਲ ਰਾਹਤ ਮਿਲ ਰਹੀ ਹੈ, ਪਰ ਇਸ ਦੀ ਕੀਮਤ ਸਰਕਾਰੀ ਤੇਲ ਕੰਪਨੀਆਂ ਵੱਡੇ ਵਿੱਤੀ ਘਾਟੇ ਦੇ ਰੂਪ ਵਿੱਚ ਚੁਕਾ ਰਹੀਆਂ ਹਨ।











