ਗੁਰਦਾਸਪੁਰ: ਪੰਜਾਬ ਦੇ ਨੌਜਵਾਨਾਂ ਨੂੰ ਤਕਨੀਕੀ ਖੇਤਰ ਵਿੱਚ ਅੱਗੇ ਵਧਾਉਣ ਅਤੇ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹਣ ਲਈ ਗੁਰਦਾਸਪੁਰ ਦੀ ਬੇਅੰਤ ਟੈਕਨੀਕਲ ਯੂਨੀਵਰਸਿਟੀ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ। ਯੂਨੀਵਰਸਿਟੀ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਹੁਣ ਡਰੋਨ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਟ੍ਰੇਨਿੰਗ ਮੰਨੀ ਜਾ ਰਹੀ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਡਰੋਨ ਤਕਨਾਲੋਜੀ ਅਤੇ ਇਸਦੇ ਵੱਖ-ਵੱਖ ਉਪਯੋਗਾਂ ਬਾਰੇ ਦੱਸਿਆ ਜਾਵੇਗਾ।
ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਕ ਇਹ ਕੋਰਸ ਖ਼ਾਸ ਤੌਰ ‘ਤੇ ਉਹਨਾਂ ਨੌਜਵਾਨਾਂ ਲਈ ਲਾਭਦਾਇਕ ਸਾਬਤ ਹੋਵੇਗਾ ਜੋ ਆਧੁਨਿਕ ਤਕਨਾਲੋਜੀ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਮੈਡਮ ਸੋਨਾਲੀ ਸਿਨਹਾ ਅਤੇ ਕੈਪਟਨ ਹਰੀਸ਼ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਖੇਤੀਬਾੜੀ, ਸੁਰੱਖਿਆ, ਫ਼ਿਲਮ ਮੇਕਿੰਗ, ਸਰਵੇਅ ਅਤੇ ਉਦਯੋਗਿਕ ਖੇਤਰਾਂ ਵਿੱਚ ਡਰੋਨ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਵੱਲੋਂ ਤਿੰਨ ਮਹੀਨਿਆਂ ਦਾ ਸਕਿੱਲ ਡਿਵੈਲਪਮੈਂਟ ਕੋਰਸ ਤਿਆਰ ਕੀਤਾ ਗਿਆ ਹੈ।
ਇਸ ਕੋਰਸ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਰਿਮੋਟ ਪਾਇਲਟ ਸਰਟੀਫਿਕੇਟ (RPC) ਪ੍ਰਾਪਤ ਕਰਨ ਵਿੱਚ ਮਦਦ ਦਿੱਤੀ ਜਾਵੇਗੀ। ਇਹ ਸਰਟੀਫਿਕੇਟ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਵੱਲੋਂ ਮਾਨਤਾ ਪ੍ਰਾਪਤ ਹੋਵੇਗਾ, ਜਿਸ ਨਾਲ ਨੌਜਵਾਨਾਂ ਲਈ ਦੇਸ਼ ਅਤੇ ਵਿਦੇਸ਼ ਵਿੱਚ ਰੁਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਹੈ।
ਬੇਅੰਤ ਟੈਕਨੀਕਲ ਯੂਨੀਵਰਸਿਟੀ ਦੀ ਇਹ ਪਹਿਲ ਪੰਜਾਬ ਵਿੱਚ ਬੇਰੁਜ਼ਗਾਰੀ ਘਟਾਉਣ ਵੱਲ ਵੀ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ। ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਅਤੇ ਨਵੀਆਂ ਤਕਨੀਕਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।











