ਦਿੱਲੀ: ਭਾਰਤ ਦੀ ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ (CEC) ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਸਖ਼ਤ ਸਵਾਲ ਪੁੱਛੇ ਹਨ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਆਖ਼ਰੀ ਫੈਸਲਾ ਸਰਕਾਰ ਨੇ ਹੀ ਲੈਣਾ ਹੈ ਤਾਂ ਚੋਣ ਕਮੇਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਸ਼ਾਮਲ ਕਰਕੇ “ਆਜ਼ਾਦੀ ਦਾ ਦਿਖਾਵਾ” ਕਰਨ ਦੀ ਕੀ ਲੋੜ ਹੈ।
ਅਦਾਲਤ ਨੇ ਇਸ ਗੱਲ ‘ਤੇ ਵੀ ਧਿਆਨ ਦਿੱਤਾ ਕਿ ਕੇਂਦਰੀ ਜਾਂਚ ਬਿਊਰੋ ਦੇ ਡਾਇਰੈਕਟਰ ਦੀ ਚੋਣ ਲਈ ਬਣੀ ਕਮੇਟੀ ਵਿੱਚ ਭਾਰਤ ਦੇ ਭਾਰਤ ਦੇ ਮੁੱਖ ਜੱਜ (CJI) ਨੂੰ ਸ਼ਾਮਲ ਕੀਤਾ ਜਾਂਦਾ ਹੈ, ਪਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਣੀ ਕਮੇਟੀ ਵਿੱਚ ਕੋਈ ਸੁਤੰਤਰ ਮੈਂਬਰ ਨਹੀਂ ਰੱਖਿਆ ਗਿਆ। ਅਦਾਲਤ ਨੇ ਕਿਹਾ ਕਿ ਲੋਕਤੰਤਰਕ ਸੰਸਥਾਵਾਂ ਦੀ ਭਰੋਸੇਯੋਗਤਾ ਬਣਾਈ ਰੱਖਣ ਲਈ ਨਿਯੁਕਤੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਹੋਣੀ ਚਾਹੀਦੀ ਹੈ।
2023 ਦੇ ਇਸ ਕਾਨੂੰਨ ਅਨੁਸਾਰ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਵਾਲੀ ਕਮੇਟੀ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਅਤੇ ਇੱਕ ਕੇਂਦਰੀ ਕੈਬਨਿਟ ਮੰਤਰੀ ਸ਼ਾਮਲ ਹੁੰਦੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇੱਕ ਅੰਤਰਿਮ ਪ੍ਰਬੰਧ ਤਹਿਤ ਹੁਕਮ ਦਿੱਤਾ ਸੀ ਕਿ ਇਸ ਕਮੇਟੀ ਵਿੱਚ ਭਾਰਤ ਦੇ CJI ਨੂੰ ਵੀ ਸ਼ਾਮਲ ਕੀਤਾ ਜਾਵੇ।











