ਜਲੰਧਰ : ਸ਼ਹਿਰ ‘ਚ ਅੱਜ ਐਕਟਿਵਾ ਸਵਾਰ ਪਤੀ-ਪਤਨੀ ਵਿਚਾਲੇ ਦਰਦਨਾਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲੰਮਾ ਪਿੰਡ ਚੌਕ ਦੇ ਨੇੜੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਟਰੱਕ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ।
ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਹਾਈਵੇਅ ‘ਤੇ ਕਾਫੀ ਦੇਰ ਤੱਕ ਜਾਮ ਲੱਗਾ ਰਿਹਾ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਾ ਮੰਡੀ ਪੁਲਿਸ ਅਤੇ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਤੇ ਉਸਦੇ ਪਤੀ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਪਤੀ-ਪਤਨੀ ਕਰਤਾਰਪੁਰ ਦੇ ਵਸਨੀਕ ਹਨ, ਜਿਨ੍ਹਾਂ ਦੀ ਪਛਾਣ ਕੈਲਾਸ਼ ਕੌਰ ਵਾਸੀ ਕਮਲਜੀਤ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ ਕਿਸੇ ਕੰਮ ਲਈ ਫਗਵਾੜਾ ਵੱਲ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਹ ਲੰਮਾ ਪਿੰਡ ਚੌਕ ਨੇੜੇ ਡੀ.ਐਚ.ਐਲ ਦਫ਼ਤਰ ਅਤੇ ਇੰਡੀਅਨ ਆਇਲ ਡਿਪੂ ਕੋਲ ਪੁੱਜਿਆ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ‘ਤੇ ਪਿੱਛੇ ਬੈਠੀ ਔਰਤ ਕਾਫੀ ਦੂਰ ਜਾ ਡਿੱਗੀ, ਜਿਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ। ਇਸ ਦੌਰਾਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਲਜ਼ਮ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਫਿਲਹਾਲ ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਸੀ.ਸੀ.ਟੀ.ਵੀ. ਫੁਟੇਜ ਚੈੱਕ ਕਰ ਰਹੀ ਹੈ ਤਾਂ ਜੋ ਦੋਸ਼ੀ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਜਾ ਸਕੇ।












