ਨੋਇਡਾ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੋਬਾਈਲ ਫੋਨਾਂ ਦੀ ਵਿਕਰੀ ਨਾਲ ਸਬੰਧਤ 100 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਦੇ ਸਬੰਧ ਵਿੱਚ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਅਤੇ ਕੁਝ ਹੋਰਾਂ ਨਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ , ਮੰਗਲਵਾਰ ਨੂੰ ਤਾਜ਼ਾ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਜਲੰਧਰ ਅਤੇ ਲੁਧਿਆਣਾ , ਉੱਤਰ ਪ੍ਰਦੇਸ਼ ਦੇ ਬਰੇਲੀ ਅਤੇ ਨੋਇਡਾ ‘ਚ ਕਰੀਬ 6 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਛਾਪੇਮਾਰੀ ਕੀਤੇ ਜਾਣ ਵਾਲੇ ਸਥਾਨਾਂ ਵਿੱਚ ਅਰੋੜਾ ਨਾਲ ਜੁੜੀ ਕੰਪਨੀ ‘ਹੈਮਪਟਨ ਸਕਾਈ ਰਿਐਲਟੀ ਲਿਮਟਿਡ’ ਦੇ ਮਾਮਲੇ ਵਿੱਚ ਜਾਂਚ ਅਧੀਨ ਵਿਅਕਤੀਆਂ ਅਤੇ ਸੰਸਥਾਵਾਂ ਨਾਲ ਸਬੰਧਤ ਰਿਹਾਇਸ਼ੀ ਅਤੇ ਕਾਰੋਬਾਰੀ ਦਫ਼ਤਰ ਸ਼ਾਮਲ ਹਨ। ਅਰੋੜਾ (62) ਨੂੰ ਕੇਂਦਰੀ ਏਜੰਸੀ ਨੇ ਪਿਛਲੇ ਮਹੀਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਇਕ ਦਿਨ ਦੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੈ। ਅਰੋੜਾ ਪੰਜਾਬ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸਨ। ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਅਲਾਟ ਕਰ ਦਿੱਤੇ ਸਨ।












