ਬਰਨਾਲਾ: ਨਗਰ ਨਿਗਮ ਬਣਨ ਤੋਂ ਬਾਅਦ ਬਰਨਾਲਾ ਨੂੰ ਅੱਜ ਆਪਣਾ ਪਹਿਲਾ ਮੇਅਰ ਮਿਲ ਗਿਆ ਹੈ। ਹਸਨਪ੍ਰੀਤ ਭਾਰਦਵਾਜ ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਚੁਣੇ ਗਏ ਹਨ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਹਸਨਪ੍ਰੀਤ ਭਾਰਦਵਾਜ ਨੂੰ ਮੇਅਰ ਚੁਣੇ ਜਾਣ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਨਗਰ ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਗਰ ਨਿਗਮ ਬਰਨਾਲਾ ਦੇ ਵਿਕਾਸ ਨੂੰ ਨਵੀਂ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਹਸਨਪ੍ਰੀਤ ਭਾਰਦਵਾਜ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਵਿਕਾਸ ਕਾਰਜ ਹੋਰ ਤੇਜ਼ ਹੋਣਗੇ ਅਤੇ ਸ਼ਹਿਰੀ ਸਹੂਲਤਾਂ ਵਿੱਚ ਵਾਧਾ ਹੋਵੇਗਾ।
ਨਵੇਂ ਚੁਣੇ ਗਏ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪਾਰਟੀ ਲੀਡਰਸ਼ਿਪ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਸਰਬਪੱਖੀ ਵਿਕਾਸ, ਸਫਾਈ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ।












