ਪੰਚਕੂਲਾ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ 645 ਕਰੋੜ ਰੁਪਏ ਦੇ ਬਹੁਚਰਚਿਤ ਆਈ.ਡੀ.ਐਫ.ਸੀ. ਬੈਂਕ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹਰਿਆਣਾ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਤਕਾਲੀ ਸੁਪਰਡੈਂਟ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਈ.ਡੀ ਨੇ 10 ਜੂਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਤਹਿਤ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ।
ਈ.ਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਿਆਣਾ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਚੰਡੀਗੜ੍ਹ ਅਤੇ ਪੰਚਕੂਲਾ ਦੇ ਦੋ ਪ੍ਰਾਈਵੇਟ ਸਕੂਲਾਂ ਦੇ ਆਈ.ਡੀ.ਐਫ.ਸੀ. ਫਸਟ ਬੈਂਕ ਵਿੱਚ ਸੰਚਾਲਿਤ 645 ਕਰੋੜ ਰੁਪਏ ਦੇ ਸਰਕਾਰੀ ਫੰਡਾਂ ਦੀ ਗਬਨ ਕੀਤੀ ਗਈ। ਜਾਂਚ ਏਜੰਸੀ ਮੁਤਾਬਕ, ਵਿਕਰਮ ਵਧਵਾ ਇਸ ਘੁਟਾਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ, ਜਿਸ ਨੇ ਰਿਭਵ ਰਿਸ਼ੀ, ਅਭੈ ਕੁਮਾਰ, ਬੈਂਕ ਅਧਿਕਾਰੀਆਂ ਅਤੇ ਕੁਝ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਫੰਡਾਂ ਨੂੰ ਗਬਨ ਕਰਨ ਦੀ ਸਾਜ਼ਿਸ਼ ਰਚੀ ਸੀ।
ਈ.ਡੀ ਅਨੁਸਾਰ ਨਰੇਸ਼ ਕੁਮਾਰ ਨੇ ਕਥਿਤ ਤੌਰ ‘ਤੇ ਸਵਾਸਤਿਕ ਦੇਸ਼ ਪ੍ਰੋਜੈਕਟਸ ਨਾਮਕ ਸ਼ੈੱਲ ਕੰਪਨੀ ਰਾਹੀਂ ਸਿੱਧੇ ਤੌਰ ‘ਤੇ ਫੰਡ ਪ੍ਰਾਪਤ ਕੀਤੇ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸਿਰਫ ਪੈਸੇ ਲੈਣ ਤੱਕ ਹੀ ਸੀਮਤ ਨਹੀਂ ਸੀ, ਸਗੋਂ ਫੰਡਾਂ ਨੂੰ ਡਾਇਵਰਸ਼ਨ, ਲੇਅਰਿੰਗ ਅਤੇ ਅਪਰਾਧ ਦੀ ਕਮਾਈ ਨੂੰ ਲੁਕਾਉਣ ਦੀ ਪ੍ਰਕਿ ਰਿਆ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਰਿਹਾ ਸੀ।












