ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਬਾਗ਼ੀ ਸੰਸਦ ਮੈਂਬਰਾਂ ਦੇ ਇੱਕ ਵੱਡੇ ਧੜੇ ਨੇ ਪਾਰਟੀ ਤੋਂ ਵੱਖ ਹੋ ਕੇ ਤ੍ਰਿਪੁਰਾ ਅਧਾਰਿਤ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ ਇੰਡੀਆ (ਐਨਸੀਪੀਆਈ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਕਦਮ ਨੂੰ ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।
ਬਾਗ਼ੀ ਧੜੇ ਦੀ ਆਗੂ ਕਾਕੋਲੀ ਘੋਸ਼ ਦਸਤੀਦਾਰ ਨੇ ਐਤਵਾਰ ਸ਼ਾਮ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧੜਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦਾ ਸਮਰਥਨ ਕਰੇਗਾ ਅਤੇ ਉਸ ਨਾਲ ਮਿਲ ਕੇ ਕੰਮ ਕਰੇਗਾ।
ਜਾਣਕਾਰੀ ਅਨੁਸਾਰ ਟੀਐਮਸੀ ਦੇ 28 ਲੋਕ ਸਭਾ ਸੰਸਦ ਮੈਂਬਰਾਂ ਵਿੱਚੋਂ ਕਰੀਬ 20 ਸੰਸਦ ਮੈਂਬਰਾਂ ਦਾ ਸਮੂਹ ਇਸ ਨਵੇਂ ਰਾਜਨੀਤਿਕ ਕਦਮ ਨਾਲ ਜੁੜਿਆ ਹੋਇਆ ਹੈ। ਬਾਗ਼ੀ ਸੰਸਦ ਮੈਂਬਰਾਂ ਦਾ ਦਾਅਵਾ ਹੈ ਕਿ ਉਹ ਪਹਿਲਾਂ ਹੀ ਐਨਸੀਪੀਆਈ ਵਿੱਚ ਰਲੇਵਾਂ ਹੋ ਚੁੱਕੇ ਹਨ ਅਤੇ ਜਲਦ ਹੀ ਇਸ ਸਬੰਧੀ ਸਾਰੀਆਂ ਸੰਵਿਧਾਨਕ ਕਾਰਵਾਈਆਂ ਪੂਰੀਆਂ ਕੀਤੀਆਂ ਜਾਣਗੀਆਂ।
ਬਾਗ਼ੀ ਸੰਸਦ ਮੈਂਬਰਾਂ ਵਿੱਚ ਸ਼ਾਮਲ ਸੁਦੀਪ ਬੰਦੋਪਾਧਿਆਏ ਅਤੇ ਸ਼ਤਾਬਦੀ ਰਾਏ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਧੜਾ ਨਵੀਂ ਰਾਜਨੀਤਿਕ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਜਨਤਾ ਦੇ ਹਿੱਤਾਂ ਅਤੇ ਵਿਕਾਸ ਦੀ ਰਾਜਨੀਤੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।
ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਦੀਆਂ ਤਸਵੀਰਾਂ ਵਿੱਚ ਟੀਐਮਸੀ ਦੇ 17 ਸੰਸਦ ਮੈਂਬਰ ਇਕੱਠੇ ਦਿਖਾਈ ਦਿੱਤੇ। ਸੂਤਰਾਂ ਅਨੁਸਾਰ ਸਪੀਕਰ ਨਾਲ ਮੁਲਾਕਾਤ ਤੋਂ ਪਹਿਲਾਂ ਇਸ ਧੜੇ ਨੇ ਕੇਂਦਰੀ ਮੰਤਰੀ ਅਤੇ ਪੱਛਮੀ ਬੰਗਾਲ ਲਈ ਭਾਜਪਾ ਦੇ ਇੰਚਾਰਜ ਭੁਪੇਂਦਰ ਯਾਦਵ ਨਾਲ ਵੀ ਮੀਟਿੰਗ ਕੀਤੀ ਸੀ।
ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇਕਰ ਇਹ ਰਲੇਵਾਂ ਅਧਿਕਾਰਕ ਤੌਰ ‘ਤੇ ਪੂਰਾ ਹੋ ਜਾਂਦਾ ਹੈ ਤਾਂ ਇਸ ਦਾ ਪੱਛਮੀ ਬੰਗਾਲ ਦੀ ਰਾਜਨੀਤੀ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੀ ਤਾਕਤ ‘ਤੇ ਵੱਡਾ ਪ੍ਰਭਾਵ ਪੈ ਸਕਦਾ ਹੈ। ਫਿਲਹਾਲ ਟੀਐਮਸੀ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।












