ਪੰਜਾਬ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਵਿੱਚ ਗਰਜ, ਮੀਂਹ, ਬਿਜਲੀ ਡਿੱਗਣ ਅਤੇ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ, ਰਾਜਧਾਨੀ ਚੰਡੀਗੜ੍ਹ ਵਿੱਚ ਵੀ ਦਿਨ ਭਰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ, ਕੁਝ ਖੇਤਰਾਂ ਵਿੱਚ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸੁਚੇਤ ਰਹਿਣ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਬੇਲੋੜੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ।
ਇਨ੍ਹਾਂ 16 ਜ਼ਿਲ੍ਹਿਆਂ ਵਿੱਚ ਰਹੇਗਾ ਮੀਂਹ ਦਾ ਅਸਰ
ਮੌਸਮ ਵਿਭਾਗ ਦੇ ਅਨੁਸਾਰ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਗਰਜ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਕਈ ਖੇਤਰਾਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੀਂਹ ਦੇ ਅੰਕੜੇ ਵੀ ਆਏ ਸਾਹਮਣੇ
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜੂਨ ਤੋਂ 16 ਜੂਨ 2026 ਤੱਕ ਪੰਜਾਬ ਵਿੱਚ ਔਸਤਨ 20.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ ਆਮ ਔਸਤ 20.6 ਮਿਲੀਮੀਟਰ ਹੁੰਦੀ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਸ ਸਮੇਂ ਦੌਰਾਨ ਸੂਬੇ ਵਿੱਚ ਆਮ ਨਾਲੋਂ ਲਗਭਗ 2 ਪ੍ਰਤੀਸ਼ਤ ਘੱਟ ਮੀਂਹ ਪਿਆ। ਹਾਲਾਂਕਿ, ਨਵਾਂਸ਼ਹਿਰ ਵਿੱਚ ਸਭ ਤੋਂ ਵੱਧ 71.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ , ਜੋ ਕਿ ਆਮ ਨਾਲੋਂ 93 ਪ੍ਰਤੀਸ਼ਤ ਵੱਧ ਹੈ।












