ਚੰਡੀਗੜ੍ਹ : ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੀ ਮਾਨ ਸਰਕਾਰ ਨੇ ਅਸ਼ੀਰਵਾਦ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਯੋਜਨਾ ਤਹਿਤ, ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਦੇ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ।
ਇਨ੍ਹਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਕਮ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਿਹਗੜ੍ਹ ਸਾਹਿਬ ਦੇ 41, ਫਾਜ਼ਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ. ਨਗਰ ਦੇ 200, ਸੰਗਰੂਰ ਦੇ 288, ਮਲੇਰਕੋਟਲਾ ਦੇ 16 ਅਤੇ ਜ਼ਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ, ਰਾਜ ਸਰਕਾਰ ਸੂਬੇ ਵਿੱਚ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ, ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਉਸਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ, ਬਿਨੈਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੈ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੇ ਤੌਰ ‘ਤੇ ਡੀ.ਬੀ.ਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਅਦਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਇਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਨਿਰੰਤਰ ਕੰਮ ਕਰ ਰਹੀ ਹੈ।