ਬੈਂਕਾਕ: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਐਤਵਾਰ ਦੇਰ ਰਾਤ ਇੱਕ ਪੱਬ ਵਿੱਚ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ, ਜਦਕਿ 63 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਦਰਦਨਾਕ ਹਾਦਸਾ ਉੱਤਰੀ ਬੈਂਕਾਕ ਦੇ ਲਾਡਪਰਾਓ ਇਲਾਕੇ ਵਿੱਚ ਸਥਿਤ ਇੱਕ ਪ੍ਰਸਿੱਧ ਪੱਬ ਵਿੱਚ ਵਾਪਰਿਆ, ਜਿੱਥੇ ਹਾਦਸੇ ਸਮੇਂ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਕਰ ਰਹੇ ਸਨ। ਮ੍ਰਿਤਕਾਂ ਵਿੱਚ 9 ਪੁਰਸ਼ ਅਤੇ 18 ਔਰਤਾਂ ਸ਼ਾਮਲ ਦੱਸੇ ਜਾ ਰਹੇ ਹਨ।
ਥਾਈ ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦਾ ਸੰਭਾਵਿਤ ਕਾਰਨ ਬਿਜਲੀ ਪ੍ਰਣਾਲੀ ਵਿੱਚ ਆਈ ਖਰਾਬੀ ਮੰਨੀ ਜਾ ਰਹੀ ਹੈ। ਹਾਲਾਂਕਿ ਅੱਗ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਵੀ ਜਾਰੀ ਹੈ। ਫਾਇਰ ਬ੍ਰਿਗੇਡ ਵਿਭਾਗ ਨੂੰ ਰਾਤ ਕਰੀਬ 12 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਬਚਾਅ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿੱਚ ਪੱਬ ਦਾ ਵੱਡਾ ਹਿੱਸਾ ਧੂੰਏਂ ਅਤੇ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਫਾਇਰਫਾਈਟਰਾਂ ਨੇ ਕਰੀਬ 30 ਮਿੰਟ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ, ਪਰ ਉਦੋਂ ਤੱਕ ਇਮਾਰਤ ਨੂੰ ਭਾਰੀ ਨੁਕਸਾਨ ਹੋ ਚੁੱਕਾ ਸੀ। ਬਚਾਅ ਕਰਮਚਾਰੀਆਂ ਨੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਮੁਹਿੰਮ ਚਲਾਈ।
ਘਟਨਾ ਸਥਾਨ ‘ਤੇ ਮੌਜੂਦ ਇੱਕ ਸੰਗੀਤਕਾਰ ਨੇ ਦੱਸਿਆ ਕਿ ਅੱਗ ਲੱਗਣ ਤੋਂ ਕੁਝ ਸਮਾਂ ਪਹਿਲਾਂ ਸਟੇਜ ਦੇ ਨੇੜੇ ਸਥਿਤ ਬਿਜਲੀ ਦੇ ਸਰਕਿਟ ਬ੍ਰੇਕਰ ਵਿੱਚੋਂ ਧੂੰਆ ਨਿਕਲਦਾ ਦੇਖਿਆ ਗਿਆ ਸੀ। ਇਸ ਤੋਂ ਬਾਅਦ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਕੁਝ ਹੀ ਪਲਾਂ ਵਿੱਚ ਪੂਰਾ ਪੱਬ ਧੂੰਏਂ ਨਾਲ ਭਰ ਗਿਆ। ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਹਰ ਕੋਈ ਆਪਣੀ ਜਾਨ ਬਚਾਉਣ ਲਈ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗਾ।
ਅੱਖੀਂ ਦੇਖੇ ਗਵਾਹਾਂ ਅਨੁਸਾਰ ਕਈ ਲੋਕ ਧੂੰਏਂ ਤੋਂ ਬਚਣ ਲਈ ਇਮਾਰਤ ਦੇ ਪਿਛਲੇ ਹਿੱਸੇ ਵਿੱਚ ਮੌਜੂਦ ਟਾਇਲਟਾਂ ਵਿੱਚ ਜਾ ਲੁਕੇ। ਪਰ ਉੱਥੇ ਹਵਾ ਦੀ ਘਾਟ ਅਤੇ ਧੂੰਏਂ ਦੇ ਵੱਧ ਜਾਣ ਕਾਰਨ ਕਈ ਲੋਕਾਂ ਦਾ ਦਮ ਘੁੱਟ ਗਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਥਾਈਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਨੁਟਿਨ ਚਾਰਨਵੀਰਾਕੁਲ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਜ਼ਖ਼ਮੀਆਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿੱਚ ਜਾਰੀ ਹੈ। ਸਰਕਾਰ ਨੇ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।












